ਠੇਕੇਦਾਰੀ ਪ੍ਰਥਾ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਖਾਲੀ ਅਸਾਮੀਆਂ ਭਰੀਆਂ ਜਾਣ
ਜਲੰਧਰ (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਲੋਕਸਭਾ ਜਲੰਧਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਪਾਰਟੀ ਸੰਘਰਸ਼ਰਤ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੀ ਉਪ ਚੋਣ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਮੁਲਾਜ਼ਮਾਂ ਨੇ ਹਲਕੇ ਵਿੱਚ ਪਹੁੰਚ ਕੇ ਆਪ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੋਈ ਇਹ ਕਹਿੰਦੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਸਰਕਾਰ ਨੂੰ ਪੱਕਾ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਰੈਗੂਲਰ ਪੇ ਸਕੇਲ ਮਿਲਣਾ ਚਾਹੀਦਾ ਹੈ। ਮੁਲਾਜ਼ਮਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਨੇ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਇਹ ਵਾਅਦਾ ਵੀ ਕੀਤਾ ਸੀ ਕਿ ਸਰਕਾਰ ਬਣਦੇ ਹੀ ਉਹ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ, ਪਰ ਸਰਕਾਰ ਮੁਲਾਜ਼ਮਾਂ ਦਾ ਇਹ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਬਸਪਾ ਮੁਲਾਜ਼ਮਾਂ ਦੀ ਇਸ ਮੰਗ ਦੇ ਨਾਲ ਵੀ ਖੜ੍ਹੀ ਹੈ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣੀ ਚਾਹੀਦੀ ਹੈ। ਮੁਲਾਜ਼ਮਾਂ ਦੇ ਡੀਏ ਦੀ ਕਿਸ਼ਤ ਵੀ ਜਾਰੀ ਕੀਤੀ ਜਾਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਠੇਕੇਦਾਰੀ ਪ੍ਰਥਾ ਵੀ ਬੰਦ ਹੋਣੀ ਚਾਹੀਦੀ ਹੈ, ਕਿਉਂਕਿ ਇਸ ਦੇ ਨਾਲ ਮੁਲਾਜ਼ਮਾਂ ਦਾ ਸ਼ੋਸ਼ਣ ਹੁੰਦਾ ਹੈ। ਠੇਕੇਦਾਰੀ ਪ੍ਰਥਾ ਬੰਦ ਕਰਕੇ ਇਸ ਦੀ ਜਗ੍ਹਾ ਪੱਕੀ ਭਰਤੀ ਕੀਤੀ ਜਾਣੀ ਚਾਹੀਦੀ ਹੈ। ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਵੀ ਭਰਨੀਆਂ ਚਾਹੀਦੀਆਂ ਹਨ। ਖਾਲੀ ਅਸਾਮੀਆਂ ਨਾ ਭਰਨ ਕਰਕੇ ਇੱਕ-ਇੱਕ ਮੁਲਾਜ਼ਮ ਨੂੰ ਕਈ ਕਈ ਸੀਟ ‘ਤੇ ਕੰਮ ਕਰਨਾ ਪੈ ਰਿਹਾ ਹੈ। ਇਸ ਨਾਲ ਜਿੱਥੇ ਮੁਲਾਜ਼ਮਾਂ ‘ਤੇ ਦਬਾਅ ਕਾਫੀ ਹੈ, ਉੱਥੇ ਆਮ ਲੋਕਾਂ ਦੀ ਵੀ ਕੰਮ ਕਰਵਾਉਣ ਲਈ ਕਾਫੀ ਖੱਜਲ ਖੁਆਰੀ ਹੁੰਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly