ਮੁਲਾਜ਼ਮਾਂ ਦੀਆਂ ਮੰਗਾਂ ਦਾ ਬਸਪਾ ਸਮਰਥਨ ਕਰਦੀ ਹੈ : ਐਡਵੋਕੇਟ ਬਲਵਿੰਦਰ ਕੁਮਾਰ

ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ

ਜਲੰਧਰ।(ਸਮਾਜ ਵੀਕਲੀ)  ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਦਾ ਬਸਪਾ ਸਮਰਥਨ ਕਰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਸਰਕਾਰਾਂ ਨੇ ਸਰਕਾਰੀ ਖੇਤਰ ਦੇ ਦਾਇਰੇ ਨੂੰ ਛੋਟਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਤੇ ਆਪ ਸਰਕਾਰ ਵੀ ਇਸੇ ਰਾਹ ’ਤੇ ਹੈ। ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ’ਚ ਸੌਂਪਿਆ ਜਾ ਰਿਹਾ ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਘੱਟ ਹੁੰਦੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਪ੍ਰਥਾ ਨੂੰ ਬੰਦ ਕਰਨ ਦੀਆਂ ਮੰਗਾਂ ਦਾ ਬਸਪਾ ਸਮਰਥਨ ਕਰਦੀ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੂਬੇ ’ਚ ਸਾਲ 2017 ਤੋਂ 2022 ਤੱਕ ਦੀ ਕਾਂਗਰਸ ਸਰਕਾਰ ਨੇ ਸਰਕਾਰੀ ਸਕੂਲ ਬੰਦ ਕੀਤੇ। ਇਸੇ ਤਰ੍ਹਾਂ ਦੀਆਂ ਨੀਤੀਆਂ ਭਾਜਪਾ ਨੇ ਲਾਗੂ ਕੀਤੀਆਂ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਦੇ ਖੇਤਰ ’ਚ ਇਹ ਸਰਕਾਰਾਂ ਲਗਾਤਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀਆਂ ਹਨ। ਸਰਕਾਰੀ ਸੇਵਾਵਾਂ ’ਚੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਮੁਲਾਜ਼ਮ ਸਾਥੀ ਇਨ੍ਹਾਂ ਪਾਰਟੀਆਂ ਦੇ ਬਦਲ ਦੇ ਰੂਪ ’ਚ ਇਸ ਵਾਰ ਬਸਪਾ ਨੂੰ ਚੁਣਨ। ਜਲੰਧਰ ਸੀਟ ਜਿੱਤਣ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਉਹ ਸੰਸਦ ’ਚ ਜ਼ੋਰਦਾਰ ਢੰਗ ਨਾਲ ਉਠਾਉਣਗੇ ਤੇ ਇਨ੍ਹਾਂ ਦਾ ਹੱਲ ਕਰਾਉਣਗੇ। ਉਨ੍ਹਾਂ ਕਿਹਾ ਕਿ ਯੂਪੀ ’ਚ ਬਸਪਾ ਸਰਕਾਰ ਦੌਰਾਨ ਲਗਾਤਾਰ ਸਰਕਾਰੀ ਖੇਤਰਾਂ ਦਾ ਦਾਇਰਾ ਵਧਾਇਆ ਗਿਆ। ਸਰਕਾਰੀ ਸਕੂਲ, ਸਰਕਾਰੀ ਹਸਪਤਾਲ ਖੋਲੇ ਗਏ। ਮੁਲਾਜ਼ਮਾਂ ਦੀਆਂ ਪੱਕੀਆਂ ਭਰਤੀਆਂ ਕੀਤੀਆਂ ਗਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
Previous articleਰਾਜਿਆ ਰਾਜ ਕਰੇਂਦਿਆ ਦਾ ਲੋਕ ਅਰਪਣ –
Next articleकर्मचारियों की मांगों का बसपा समर्थन करती है : एडवोकेट बलविंदर कुमार