ਬਠਿੰਡਾ (ਸਮਾਜ ਵੀਕਲੀ) (ਸਿਵੀਆ): ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਕੱਚੇ, ਆਊਟ ਸੋਰਸ, ਠੇਕਾ ਆਧਾਰਤ ਮੁਲਾਜ਼ਮਾਂ, ਸਕੀਮ ਵਰਕਰਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਵਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ ਵੱਲੋਂ 29 ਜਨਵਰੀ ਦਿਨ ਐਤਵਾਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਸਾਹਮਣੇ ਸੂਬਾਈ ਰੋਸ ਰੈਲੀ ਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।ਇਸ ਐਕਸ਼ਨ ਦੀ ਤਿਆਰੀ ਲਈ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਦੀ ਇਕ ਮੀਟਿੰਗ ਚੰਦ ਸਿੰਘ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਕਿ ਸਰਕਾਰ ਨੇ ਪਿਛਲੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਨੂੰ ਦੇਖਦੇ ਹੋਏ ਜਥੇਬੰਦੀ ਵੱਲੋਂ ਆਪਣੇ ਸੰਘਰਸ਼ ਦਾ ਪ੍ਰੋਗਰਾਮ ਤਿੱਖਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਪੰਜਾਬ ਦੇ ਸਾਰੇ ਵਿਭਾਗਾਂ,ਬੋਰਡਾਂ,ਨਿਗਮਾਂ ਦੇ ਸਮੂਹ ਕੱਚੇ,ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ,ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਤੁਰੰਤ ਬੰਦ ਕਰਕੇ ਰੈਗੂਲਰ ਕੰਮ ਲਈ ਪੰਜਾਬ ਸਰਕਾਰ, ਬੋਰਡ ਅਤੇ ਨਿਗਮ ਵੱਲੋਂ ਪੂਰੇ ਤਨਖਾਹ ਸਕੇਲਾਂ ਵਿੱਚ ਤੇ ਸਾਰੇ ਭੱਤਿਆਂ ਸਮੇਤ ਰੈਗੂਲਰ ਭਰਤੀ ਕੀਤੀ ਜਾਵੇ,ਪਰਖ ਕਾਲ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਦਾ 15-1-2015 ਅਤੇ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ 17 ਜੁਲਾਈ 2020 ਨੂੰ ਜਾਰੀ ਪੱਤਰ ਤੁਰੰਤ ਵਾਪਸ ਲਏ ਜਾਣ, ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਭਰਤੀ ਕੀਤੀ ਜਾਵੇ ਅਤੇ ਪੁਨਰਗਠਨ ਦੇ ਨਾਮ ਤੇ ਖਤਮ ਕੀਤੀਆਂ ਹਜਾਰਾਂ ਅਸਾਮੀਆਂ ਤੁਰੰਤ ਬਹਾਲ ਕੀਤੀਆਂ ਜਾਣ,ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਬਹਾਲ ਕਰਨ ਸਬੰਧੀ ਵਿਸਤਾਰ ਸਹਿਤ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਸਬੰਧਤ ਮੁਲਾਜ਼ਮਾਂ ਦੇ ਤੁਰੰਤ ਜੀ.ਪੀ.ਐਫ. ਖਾਤੇ ਖੋਲ੍ਹਕੇ ਜੀ.ਪੀ.ਐਫ ਕਟੌਤੀ ਤੁਰੰਤ ਸ਼ੁਰੂ ਕੀਤੀ ਜਾਵੇ । ਇਸ ਤੋਂ ਇਲਾਵਾ ਸਬੰਧਤ ਮੁਲਾਜ਼ਮਾਂ ਦੀ ਪਹਿਲਾਂ ਕੀਤੀਆਂ ਗਈਆਂ ਕਟੌਤੀਆਂ ਦੀਆਂ ਰਕਮਾਂ ਸਮੇਤ ਵਿਆਜ਼ ਵਾਪਿਸ ਲੈ ਕੇ ਮੁਲਾਜ਼ਮਾਂ ਦੇ ਜੀ.ਪੀ.ਐੱਫ ਖਾਤਿਆਂ ਵਿੱਚ ਤਬਦੀਲ ਕੀਤੀਆਂ ਜਾਣ।
ਮੁਲਾਜ਼ਮਾਂ ਦੇ ਪੇਂਡੂ ਭੱਤਾ,ਬਾਰਡਰ ਏਰੀਆ ਭੱਤਾ ਸਮੇਤ ਕੱਟੇ ਵੱਖ-ਵੱਖ 37 ਭੱਤੇ ਬਹਾਲ ਕੀਤੇ ਜਾਣ, ਜੁਲਾਈ 2015 ਤੋਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 11.9 ਫੀਸਦੀ ਡੀ.ਏ. ਦਾ ਬਕਾਇਆ ਦੇਣ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਰਟ ਦਾ ਫੈਸਲਾ ਜਨਰਲਾਈਜ਼ ਕਰਨ ਲਈ ਪੱਤਰ ਤੁਰੰਤ ਜਾਰੀ ਕੀਤਾ ਜਾਵੇ ਕੀਤਾ ਜਾਵੇ, ਮਿਤੀ 01-01-2018 ਤੋਂ 30-06-2021 ਤੱਕ ਸੋਧੀਆਂ ਗਈਆਂ ਤਨਖ਼ਾਹਾਂ, ਪੈਨਸ਼ਨਾਂ, ਲੀਵ ਇਨਕੈਸ਼ਮੈਂਟ ਅਤੇ ਮਹਿੰਗਾਈ ਭੱਤੇ ਦੀਆਂ 38 ਫ਼ੀਸਦੀ ਦੀ ਦਰ ਨਾਲ ਬਣਦੀ ਕਿਸ਼ਤ ਤੁਰੰਤ ਦਿੱਤੀ ਜਾਵੇ ਅਤੇ ਬਣਦਾ ਸਾਰਾ ਬਕਾਇਆ ਨਗਦ ਦਿੱਤਾ ਜਾਵੇ,ਆਂਗਨਵਾੜੀ ਵਰਕਰਾਂ ਹੈਲਪਰਾਂ, ਆਸ਼ਾ ਵਰਕਰਾਂ, ਆਸ਼ਾ ਫੈਸੀਲੀਟੇਟਰਾਂ, ਮਿਡ ਡੇ ਮੀਲ ਵਰਕਰਾਂ ਤੇ ਹੋਰ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਤੇ ਘੱਟੋ-ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਕੇ ਤਨਖਾਹ 28000 ਰੁਪਏ ਮਹੀਨਾ ਦਿੱਤੀ ਜਾਵੇ, ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਫਿਕਸ ਮੈਡੀਕਲ ਭੱਤਾ 2500 ਰੁਪਏ ਮਹੀਨਾ ਦਿੱਤਾ ਜਾਵੇ।ਓਮ ਪ੍ਰਕਾਸ਼ ਸੀਨੀਅਰ ਮੀਤ ਪ੍ਰਧਾਨ ਬਠਿੰਡਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਮੰਗਾਂ ਦੀ ਗੰਭੀਰਤਾ ਨੂੰ ਮੱਦੇਨਜ਼ਰ ਰੱਖਦੇ ਹੋਏ ਤੁਰੰਤ ਜੱਥੇਬੰਦੀ ਨਾਲ ਗੱਲਬਾਤ ਕਰਕੇ ਇਹਨਾਂ ਸਾਰੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਨਵਜੋਤ ਸਿੰਘ, ਬੂਟਾ ਸਿੰਘ, ਅਮਰਜੀਤ ਸਿੰਘ, ਪ੍ਰੀਤਮ ਸਿੰਘ,ਸਾਧੂ ਸਿੰਘ ਸ਼ਾਮਲ ਸਨ ।