‘ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ’ ਥੀਮ ਨੂੰ ਅਮਲ ਵਿੱਚ ਲਿਆਉਣ ਦਾ ਸੱਦਾ
– ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸਮਾਰੋਹ ਆਯੋਜਿਤ
ਨਵਾਂਸ਼ਹਿਰ (ਸਮਾਜ ਵੀਕਲੀ) (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕੇਂਦਰ ਵਿੱਚ ਭਰਤੀ ਨਸ਼ਾ ਪੀੜਤਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਅਟੈਂਡੈਂਟਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦੀ ਥੀਮ “ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ।” ਹੈ, ਜੋ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਕੁਦਰਤ-ਅਧਾਰਿਤ ਹੱਲਾਂ ਨੂੰ ਅਪਣਾਉਣ ਦਾ ਸੰਦੇਸ਼ ਦਿੰਦੀ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਸਿਰਫ਼ ਸਰਕਾਰੀ ਸੰਸਥਾਵਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਅਤੇ ਊਰਜਾ ਦੀ ਬੱਚਤ ਕਰਨ ਵਰਗੇ ਉਪਰਾਲੇ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਹਾਜ਼ਰੀਨ ਨੂੰ ਵਾਤਾਵਰਨ ਪੱਖੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਹਤਮੰਦ ਵਾਤਾਵਰਨ ਹੀ ਸਿਹਤਮੰਦ ਸਮਾਜ ਦੀ ਬੁਨਿਆਦ ਹੈ। ਉਨ੍ਹਾਂ ਰੋਜ਼ਾਨਾ ਜੀਵਨ ਵਿੱਚ ਵਾਤਾਵਰਨ ਸੁਰੱਖਿਆ ਸਬੰਧੀ ਆਦਤਾਂ ਅਪਣਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵਾਤਾਵਰਨ ਸੁਰੱਖਿਆ ਸਬੰਧੀ ਜਾਗਰੂਕਤਾ ਸੰਦੇਸ਼ ਦਿੱਤੇ ਗਏ ਅਤੇ ਅੰਤ ਵਿੱਚ ਪਰਿਵਾਰਕ ਮੈਂਬਰਾਂ ਤੇ ਅਟੈਂਡੈਂਟਾਂ ਨੂੰ ਪੌਦੇ ਵੰਡ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋੰ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਮਨੋਵਿਗਿਆਨੀ ਡਾ ਸੰਦੀਪ ਬਾਂਗੜ, ਮੈਡੀਕਲ ਅਫਸਰ ਡਾ ਰਮਨ ਕੁਮਾਰ, ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



