ਮਜੀਠੀਆ ਖ਼ਿਲਾਫ਼ ਝੂਠਾ ਕੇਸ ਤਿਆਰ ਕੀਤਾ ਗਿਆ: ਸੁਖਬੀਰ

ਅੰਮ੍ਰਿਤਸਰ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਅਧਿਕਾਰੀ, ਝੂਠੇ ਕੇਸ ਬਣਵਾਉਣ ਵਾਲੇ ਸਿਆਸੀ ਆਗੂ ਤੇ ਹੋਰ ਬਖ਼ਸ਼ੇ ਨਹੀਂ ਜਾਣਗੇ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਪਸ਼ਚਾਤਾਪ ਦਿਵਸ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀਜੀਪੀ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਥਿਤ ਝੂਠਾ ਕੇਸ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ਤੋਂ ਬਾਅਦ ਅਜਿਹੇ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ ਤੇ ਜਿਨ੍ਹਾਂ ਪੁਲੀਸ ਅਧਿਕਾਰੀਆਂ ਨੇ ਝੂਠੇ ਕੇਸ ਦਰਜ ਕੀਤੇ ਹਨ, ਉਨ੍ਹਾਂ ਨੂੰ ਨੌਕਰੀਆਂ ਤੋਂ ਫਾਰਗ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਲਈ ਕਈ ਡੀਜੀਪੀ ਬਦਲੇ ਗਏ ਅਤੇ ਕਈ ਹੋਰ ਅਧਿਕਾਰੀ ਬਦਲੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੇਗਾ ਅਤੇ ਲੋਕਾਂ ਦੀ ਕਚਹਿਰੀ ਵਿਚ ਵੀ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ’ਤੇ ਅਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਿਸੇ ਮੌਜੂਦਾ ਜੱਜ ਜਾਂ ਸਾਬਕਾ ਜੱਜ ਦੀ ਅਗਵਾਈ ਹੇਠ ਹੋਣੀ ਚਾਹੀਦੀ ਸੀ। ਇਸ ਤੋਂ ਪਹਿਲਾਂ ਪਸ਼ਚਾਤਾਪ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਆਗੂ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੰਗਾ ਤੇ ਪਟਿਆਲਾ ਨੇੜੇ ਸੜਕ ਹਾਦਸਿਆਂ ’ਚ ਸੱਤ ਹਲਾਕ
Next articleਲੁਧਿਆਣਾ ਪੁਲੀਸ ਕਮਿਸ਼ਨਰ ਦਫ਼ਤਰ ਬਾਹਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’