ਝੂਠਾ ਪ੍ਰਚਾਰ ਕਰਨ ਵਾਲੇ ‘ਆਪ’ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜਾਂਗੇ: ਚੰਨੀ

ਚਮਕੌਰ ਸਾਹਿਬ (ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਝੂਠਾ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਅਤੇ ਕਾਨੂੰਨੀ ਨੋਟਿਸ ਭੇਜੇ ਜਾਣਗੇ। ਚੰਨੀ ਨੇ ਕਿਹਾ ਕਿ ‘ਆਪ’ ਆਗੂਆਂ ਨੇ ਉਨ੍ਹਾਂ ਖ਼ਿਲਾਫ਼ ਰਾਜਪਾਲ ਨੂੰ ਝੂਠੀ ਸ਼ਿਕਾਇਤ ਕੀਤੀ ਹੈ। ਇਸੇ ਤਰ੍ਹਾਂ ਉਨ੍ਹਾਂ ਦੀ ਜਾਇਦਾਦ ਬਾਰੇ ਝੂਠਾ ਪ੍ਰਚਾਰ ਕਰ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਇਹ ਸਭ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਉਹ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੇ ਅਤੇ ‘ਆਪ’ ਆਗੂਆਂ ਨੂੰ ਕਾਨੂੰਨੀ ਨੋਟਿਸ ਵੀ ਜਾਰੀ ਕਰਵਾਉਣਗੇ।

ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਝੂਠ ਦੀਆਂ ਨੀਂਹਾਂ ’ਤੇ ਟਿਕੀ ਹੋਈ ਹੈ, ਜੋ ਜਲਦੀ ਹੀ ਢਹਿ-ਢੇਰੀ ਹੋ ਜਾਵੇਗੀ। ਕਾਂਗਰਸੀ ਆਗੂ ਨੇ ਕਿਹਾ ਕਿ ‘ਆਪ’ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਉਨ੍ਹਾਂ ਖ਼ਿਲਾਫ਼ ਖਣਨ ਦੇ ਮੁੱਦੇ ਸਬੰਧੀ ਸੂਬੇ ਦੇ ਰਾਜਪਾਲ ਨੂੰ ਸ਼ਿਕਾਇਤ ਕੀਤੀ ਸੀ। ਰਾਜਪਾਲ ਵੱਲੋਂ ਕਰਵਾਈ ਜਾਂਚ ਦੌਰਾਨ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਚੰਨੀ ਨੇ ਭਗਵੰਤ ਮਾਨ ’ਤੇ ਵਿਅੰਗ ਕਰਦਿਆਂ ਕਿਹਾ, ‘‘ਜਾਂ ਤਾਂ ਭਗਵੰਤ ਮਾਨ ਨੂੰ ਪੜ੍ਹਨਾ ਨਹੀਂ ਆਉਂਦਾ ਜਾਂ ਉਸ ਨੇ ਕੁਝ ਖਾਧਾ-ਪੀਤਾ ਹੁੰਦੈ।’’ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੇ ਹੋਰ ਆਗੂ ਉਨ੍ਹਾਂ ਦੀ ਆਮਦਨ 170 ਕਰੋੜ ਰੁਪਏ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਫਿਰ ਵੀ ਉਹ ਬਹੁਮਤ ਨਾਲ ਜਿੱਤ ਕੇ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਰਨੀਤ ਕੌਰ ਨੂੰ ਸਾਂਭਣੀ ਪਈ ਪਤੀ ਦੀ ਚੋਣ ਮੁਹਿੰਮ
Next articleਮੂਸੇਵਾਲਾ ਨੂੰ ਪੱਕੇ ਪੈਰੀਂ ਕਰਨ ਮਾਨਸਾ ਆਉਣਗੇ ਰਾਹੁਲ