ਸਾਂਝੇ ਫਰੰਟ ਦੇ ਸੱਦੇ ਤੇ ਫਰੀਦਕੋਟ ਜਿਲ੍ਹੇ ਦੇ ਮੁਲਾਜ਼ਮ 25 ਨੂੰ ਮੋਹਾਲੀ ਰੈਲੀ ਵਿੱਚ ਸ਼ਮੂਲੀਅਤ ਕਰਨਗੇ

ਫਰੀਦਕੋਟ,(ਸਮਾਜ ਵੀਕਲੀ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਸਰਕਾਰ ਦੇ ਖਿਲਾਫ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ 25 ਮਾਰਚ ਨੂੰ ਮੋਹਾਲੀ ਵਿਖੇ ਹੋ ਰਹੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ। ਇਹ ਫੈਸਲਾ ਅੱਜ ਇਥੇ ਡਿਪਟੀ ਕਮਿਸ਼ਨਰ ਦੇ ਦਫਤਰ ਮਿੰਨੀ ਸਕਤਰੇਤ ਸਾਹਮਣੇ ਪਾਰਕ ਵਿੱਚ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂ ਬਲਕਾਰ ਸਿੰਘ ਸਹੋਤਾ, ਸੁਖਵਿੰਦਰ ਸਿੰਘ , ਸ਼ਿਵ ਨਾਥ ਦਰਦੀ , ਅਸ਼ੋਕ ਕੌਸ਼ਲ ਤੇ ਜੋਤੀ ਪ੍ਰਕਾਸ਼ ਨੇ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਦੋਸ਼ ਲਾਇਆ ਕਿ ਆਪਣੇ ਤਿੰਨ ਸਾਲ ਦੇ ਰਾਜਭਾਗ ਦੌਰਾਨ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਕਰਨ ਤੋਂ ਮੁਨਕਰ ਹੋ ਗਈ ਹੈ ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਚੱਲ ਰਹੇ ਬਜੱਟ ਸੈਸ਼ਨ ਦੌਰਾਨ ਹਰ ਤਰਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਾ ਕੀਤੀ ਗਈ, ਤਨਖਾਹ ਕਮਿਸ਼ਨ ਦਾ ਬਕਾਇਆ ਯਕਮੁਸਤ ਨਾ ਦਿੱਤਾ ਗਿਆ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਤਿੰਨ ਕਿਸਤਾਂ ਨਾ ਦਿੱਤੀਆਂ ਗਈਆਂ ਤਾਂ ਭਗਵੰਤ ਮਾਨ ਸਰਕਾਰ ਦੇ ਖਿਲਾਫ ਦਿਨੋ ਦਿਨ ਸੰਘਰਸ਼ ਹੋਰ ਤਿੱਖੇ ਹੋਣਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਧਰਮਵੀਰ ਸਿੰਘ, ਮਨੀਸ਼ ਕੁਮਾਰ, ਰਵਿੰਦਰ ਕੁਮਾਰ , ਬਾਬੂ ਲਾਲ ,ਲਖਵਿੰਦਰ ਸਿੰਘ, ਰਾਮਵੀਰ, ਪਰਮਜੀਤ ਸਿੰਘ ਪੰਮਾ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੈਂ ਫਿਰ ਜਨਮ ਲਵਾਂਗਾ—
Next articleSAMAJ WEEKLY = 24/03/2025