ਡੇਰਾ ਮੁਖੀ ਨੂੰ ਫਰਲੋ: ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੇ ਜਤਾਇਆ ਸਖ਼ਤ ਇਤਰਾਜ਼

 

  • ਫੈਸਲਾ ਮੁੜ ਵਿਚਾਰਨ ਤੇ ਫਰਲੋ ਰੱਦ ਕਰਨ ਦੀ ਮੰਗ
  • ਫਰਲੋ ਨੂੰ ਸਿੱਖ ਭਾਈਚਾਰੇ ਨਾਲ ਵਿਤਕਰੇ ਦਾ ਪ੍ਰਮਾਣ ਦੱਸਿਆ

ਅੰਮ੍ਰਿਤਸਰ (ਸਮਾਜ ਵੀਕਲੀ):  ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਕਰਦਿਆਂ ਉਸ ਦੀ ਰਿਹਾਈ ਰੱਦ ਕਰਨ ਦੀ ਮੰਗ ਕੀਤੀ ਹੈ।

ਸਿੱਖ ਧਾਰਮਿਕ ਆਗੂਆਂ ਨੇ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਜਿਥੇ ਜਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਬਰਗਾੜੀ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਵੀ ਉਸ ਦਾ ਸਿੱਧਾ ਸਬੰਧ ਜੁੜਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਇਸ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ।

ਉਨ੍ਹਾਂ ਕਿਹਾ ਕਿ ਸਜ਼ਾਵਾਂ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਸਿੱਖ ਬੰਦੀ ਜੇਲ੍ਹਾਂ ਵਿਚ ਬੰਦ ਹਨ ਪਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ ਜਦਕਿ ਡੇਰਾ ਮੁਖੀ ਨੂੰ ਬਿਨਾਂ ਲੋੜ ’ਤੇ ਹੀ ਫਰਲੋ ਦਿੱਤੀ ਜਾ ਰਹੀ ਹੈ, ਜੋ ਸਿੱਖ ਭਾਈਚਾਰੇ ਨਾਲ ਵਿਤਕਰੇ ਵਾਲੇ ਵਤੀਰੇ ਦਾ ਪ੍ਰਮਾਣ ਹੈ। ਇਸ ਦੌਰਾਨ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਰਾਮ ਰਹੀਮ ਨੂੰ ਛੱਡਿਆ ਜਾ ਰਿਹਾ ਹੈ ਅਤੇ ਇਹ ਭਾਜਪਾ ਦੇ ਇਸ਼ਾਰੇ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਵਿਚ ਡੇਰਾ ਪ੍ਰੇਮੀਆਂ ਦੀਆਂ ਵੋਟਾਂ ’ਤੇ ਸਾਰੀਆਂ ਹੀ ਪਾਰਟੀਆਂ ਦੀ ਨਿਗਾਹ ਹੈ ਅਤੇ ਭਾਜਪਾ ਵਲੋਂ ਡੇਰੇ ਦੀ ਵੋਟ ਨੂੰ ਆਪਣੇ ਹੱਕ ਵਿਚ ਭੁਗਤਾਉਣ ਲਈ ਇਹ ਚਾਲ ਖੇਡੀ ਗਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਸਬਕ ਸਿਖਾਉਣ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਹੋਰ ਆਗੂਆਂ ਨੇ ਵੀ ਇਸ ਦਾ ਸਖਤ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਨੇ ਵੋਟਾਂ ਲੈਣ ਲਈ ਅਜਿਹਾ ਕੀਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿਚ ਬਦਲਾਅ ਲਈ ਸਿੱਧੂ ਵਲੋਂ ਜੰਗ ਜਾਰੀ ਰੱਖਣ ਦਾ ਐਲਾਨ
Next articleਕਰਨਾਟਕ ਦੇ ਕਾਲਜਾਂ ’ਚ ਹਿਜਾਬ ਬਨਾਮ ਭਗਵਾ ਸ਼ਾਲ ਵਿਵਾਦ ਭਖਿਆ