ਮਾਨਸਾ (ਸਮਾਜ ਵੀਕਲੀ): ਹਰਿਆਣਾ ਦੇ ਕਰਨਾਲ ਵਿੱਚ ਬੀਤੇ ਦਿਨੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਵਲੋਂ ਸੋਸ਼ਲ ਮੀਡੀਆ ਜ਼ਰੀਏ ਇਸ ਦੀ ਪੁਸ਼ਟੀ ਕੀਤੀ ਗਈ ਹੈ। ਕਿਸਾਨ ਆਗੂਆਂ ਅਨੁਸਾਰ ਸੁਸ਼ੀਲ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਤੇ ਕਿਸਾਨੀ ਸੰਘਰਸ਼ ਵਿਚ ਲੰਬੇ ਸਮੇਂ ਤੋਂ ਹਿੱਸਾ ਲੈਂਦਾ ਆ ਰਿਹਾ ਸੀ। ਕਿਸਾਨ ਜਥੇਬੰਦੀਆਂ ਅਨੁਸਾਰ ਸੁਸ਼ੀਲ ਦਾ ਪਿੰਡ ਰਾਏਪੁਰ ਜਟਾਣਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦਿੱਲੀ ਤੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਹੋਏ ਕਿਸਾਨ ਦੀ ਮੌਤ ਸਬੰਧੀ ਸੰਘਰਸ਼ ਲਈ ਹਰਿਆਣਾ ਕਿਸਾਨ ਜਥੇਬੰਦੀ ਨੇ ਮੀਟਿੰਗ ਬੁਲਾਈ ਹੈ, ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਉਨ੍ਹਾਂ ਨਾਲ ਗੱਲਬਾਤ ਕਰਕੇ ਅੰਦੋਲਨ ਨੂੰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲਾਠੀਚਾਰਜ ਲਈ ਭੜਕਾਉਣ ਵਾਲੇ ਐੱਸਡੀਐੱਮ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਤੇ ਮੌਤ ਲਈ ਜ਼ਿੰਮੇਵਾਰੀ ਦਾ ਮਾਮਲਾ ਦਰਜ ਕਰਾਉਣ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਤਰਜ਼ ‘ਤੇ ਹਰਿਆਣਾ ਸਰਕਾਰ ਪਾਸੋਂ ਸ਼ਹੀਦ ਦੇ ਪਰਿਵਾਰ ਲਈ ਦਸ ਲੱਖ ਰੁਪਏ ਮੁਆਵਜ਼ੇ, ਕਰਜ਼ਾ ਮੁਆਫੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly