ਲੈਸਟਰ (ਇੰਗਲੈਂਡ) (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)– ਇੰਗਲੈਂਡ ਦੇ ਪੇਡੂ ਇਲਾਕਿਆਂ ਵਿੱਚ ਸਰਕਾਰ ਦੀਆਂ ਨਵੀਆਂ ਨੀਤੀਆਂ ਅਤੇ ਲਗਾਤਾਰ ਯੂ-ਟਰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਹੁਣ ਖੁੱਲ੍ਹ ਕੇ ਸੜਕਾਂ ’ਤੇ ਨਜ਼ਰ ਆ ਰਿਹਾ ਹੈ। ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਆਪਣੇ ਟ੍ਰੈਕਟਰਾਂ ’ਤੇ ਸਵਾਰ ਹੋ ਕੇ ਮੁੱਖ ਸੜਕਾਂ ’ਤੇ ਉਤਰੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜ਼ਬਰਦਸਤ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਟ੍ਰੈਕਟਰਾਂ ’ਤੇ ਤਖਤੀਆਂ ਲਗਾਈਆਂ ਹੋਈਆਂ ਸਨ, ਜਿਨ੍ਹਾਂ ’ਤੇ “ਪਿੰਡੀਂ ਇਲਾਕਿਆਂ ’ਤੇ ਸਰਕਾਰ ਦੀ ਜੰਗ”, “ਕਿਸਾਨੀ ਨੀਤੀਆਂ ਵਾਪਸ ਲਓ” ਅਤੇ “ਖੇਤੀ ਬਚਾਓ, ਦੇਸ਼ ਬਚਾਓ” ਵਰਗੇ ਨਾਅਰੇ ਲਿਖੇ ਹੋਏ ਸਨ। ਲੰਮੀਆਂ ਕਤਾਰਾਂ ਵਿੱਚ ਚੱਲ ਰਹੇ ਟ੍ਰੈਕਟਰਾਂ ਕਾਰਨ ਕਈ ਥਾਵਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਲੋਕਾਂ ਦਾ ਧਿਆਨ ਵੀ ਇਸ ਅੰਦੋਲਨ ਵੱਲ ਖਿੱਚਿਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਨੀਤੀਆਂ ਬਦਲਣ ਨਾਲ ਕਿਸਾਨ ਭਾਈਚਾਰੇ ਵਿੱਚ ਭਾਰੀ ਅਣਸ਼ਚਿਤਤਾ ਪੈਦਾ ਹੋ ਗਈ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਖੇਤੀ ਨਾਲ ਜੁੜੇ ਖਰਚੇ ਲਗਾਤਾਰ ਵਧ ਰਹੇ ਹਨ, ਪਰ ਉਸ ਮੁਕਾਬਲੇ ਕਿਸਾਨਾਂ ਨੂੰ ਮਿਲਣ ਵਾਲੀ ਆਮਦਨ ਵਿੱਚ ਕੋਈ ਵਾਧਾ ਨਹੀਂ ਹੋ ਰਿਹਾ। ਇਸ ਸਥਿਤੀ ਨੇ ਪਿੰਡੀਂ ਅਰਥਵਿਵਸਥਾ ਨੂੰ ਗੰਭੀਰ ਖ਼ਤਰੇ ਵਿੱਚ ਪਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਸ਼ਹਿਰੀ ਇਲਾਕਿਆਂ ’ਤੇ ਜ਼ਿਆਦਾ ਧਿਆਨ ਕੇਂਦਰਿਤ ਕਰ ਰਹੀ ਹੈ, ਜਦਕਿ ਪਿੰਡੀਂ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਜੇਕਰ ਸਮੇਂ ਸਿਰ ਠੋਸ ਫ਼ੈਸਲੇ ਨਾ ਲਏ ਗਏ ਤਾਂ ਖੇਤੀਬਾੜੀ ਸੈਕਟਰ ਨੂੰ ਲੰਮੇ ਸਮੇਂ ਲਈ ਨੁਕਸਾਨ ਹੋ ਸਕਦਾ ਹੈ। ਸਿਆਸੀ ਹਲਕਿਆਂ ਵਿੱਚ ਵੀ ਇਸ ਰੋਸ ਪ੍ਰਦਰਸ਼ਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਵਿਰੋਧੀ ਧਿਰ ਨੇ ਸਰਕਾਰ ’ਤੇ ਦਬਾਅ ਬਣਾਉਂਦਿਆਂ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਅੰਦੋਲਨ ਹੋਰ ਵੱਡਾ ਰੂਪ ਧਾਰ ਸਕਦਾ ਹੈ। ਕਿਸਾਨ ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਆਪਣਾ ਰੁਖ ਨਾ ਬਦਲਿਆ ਅਤੇ ਕਿਸਾਨਾਂ ਨਾਲ ਸੰਵਾਦ ਸ਼ੁਰੂ ਨਾ ਕੀਤਾ, ਤਾਂ ਅੰਦੋਲਨ ਨੂੰ ਸੂਬਾ ਪੱਧਰ ਤੋਂ ਅੱਗੇ ਵਧਾ ਕੇ ਦੇਸ਼ ਪੱਧਰ ’ਤੇ ਲਿਜਾਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



