- ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿੱਚ ਕਈ ਥਾਵਾਂ ’ਤੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ
- ਮੀਂਹ ਦੇ ਬਾਵਜੂਦ ਡਟੇ ਰਹੇ ਕਿਸਾਨ, ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ
- ਲਖਨਊ ਮਹਾਪੰਚਾਇਤ ’ਚ ਭਵਿੱਖੀ ਰਣਨੀਤੀ ਘੜਨ ਦਾ ਦਾਅਵਾ
ਨਵੀਂ ਦਿੱਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦੇ ‘ਰੇਲ ਰੋਕੋ’ ਸੱਦੇ ’ਤੇ ਦੇਸ਼ ਭਰ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਜ ਛੇ ਘੰਟਿਆਂ ਲਈ ਰੇਲਵੇ ਟਰੈਕਾਂ ਤੇ ਪਲੈਟਫਾਰਮਾਂ ’ਤੇ ਧਰਨੇ ਲਾਏ। ਮੋਰਚੇ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਦੇ ਕਤਲੇਆਮ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੇ ਅਹੁਦੇ ’ਤੇ ਬਣੇ ਰਹਿਣ ਤੱਕ ਲਖੀਮਪੁਰ ਖੀਰੀ ਹਿੰਸਾ ਕੇਸ ’ਚ ਇਨਸਾਫ਼ ਮਿਲਣਾ ਮੁਸ਼ਕਲ ਹੈ।
ਇਸ ਦੌਰਾਨ ਯੂਪੀ ਤੇ ਮੱਧ ਪ੍ਰਦੇਸ਼ ਸਮੇਤ ਹੋਰ ਕਈ ਥਾਵਾਂ ’ਤੇ ਕਿਸਾਨਾਂ ਨੇ ਗ੍ਰਿਫ਼ਤਾਰੀਆਂ ਵੀ ਦਿੱਤੀਆਂ। ਮੀਂਹ ਦੇ ਬਾਵਜੂਦ ਕਿਸਾਨ ਰੇਲ ਪੱਟੜੀਆਂ ’ਤੇ ਡਟੇ ਰਹੇ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇ ਲਖੀਮਪੁਰ ਖੀਰੀ ਕਤਲੇਆਮ ਵਿੱਚ ਇਨਸਾਫ ਲਈ ਉਸ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ। 26 ਨਵੰਬਰ ਨੂੰ ਮੋਰਚੇ ਦੇ ਸਾਲ ਪੂਰਾ ਹੋਣ ’ਤੇ ਲਖਨਊ ਦੀ ਮਹਾਂਪੰਚਾਇਤ ਮਗਰੋਂ ਸੰਘਰਸ਼ ਦੇ ਅਗਲੇ ਪੜਾਅ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ‘ਰੇਲ ਰੋਕੋ’ ਦਾ ਸੱਦਾ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਉੜੀਸਾ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਕਰਨਾਟਕ, ਤਿਲੰਗਾਨਾ ਆਦਿ ਰਾਜਾਂ ਵਿੱਚ ਸਫ਼ਲ ਰਹਿਣ ਦੀਆਂ ਰਿਪੋਰਟਾਂ ਹਨ।
ਕਿਸਾਨਾਂ ਨੇ ਸਵੇਰੇ 10 ਵਜੇ ਤੋਂ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਝੰਡਿਆਂ ਸਮੇਤ ਰੇਲ ਪੱਟੜੀਆਂ ਉਪਰ ਧਰਨੇ ਦਿੱਤੇ। ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਵੱਖ ਵੱਖ ਥਾਈਂ ਰੇਲਾਂ ਨੂੰ ਰੋਕੀ ਰੱਖਿਆ। ਮੋਰਚੇ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਮਰਦ ਤੇ ਔਰਤਾਂ ‘ਰੇਲ ਰੋਕੋ’ ਸੱਦੇ ਨੂੰ ਲਾਗੂ ਕਰਨ ਲਈ ਬਾਹਰ ਆਏ ਤੇ ਕਈ ਥਾਵਾਂ ’ਤੇ ਭਾਰੀ ਮੀਂਹ ਦੇ ਬਾਵਜੂਦ ਕਿਸਾਨ ਡਟੇ ਰਹੇ। ਇਸ ਸੱਦੇ ਕਰਕੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ 290 ਤੋਂ ਜ਼ਿਆਦਾ ਰੇਲ ਗੱਡੀਆਂ ਪ੍ਰਭਾਵਿਤ ਹੋਣ ਤੇ 40 ਟਰੇਨਾਂ ਰੱਦ ਕੀਤੇ ਜਾਣ ਦੀਆਂ ਰਿਪੋਰਟਾਂ ਹਨ। ਉੱਤਰ ਪ੍ਰਦੇਸ਼ ਵਿੱਚ ਪੁਲੀਸ ਨੇ ਕਈ ਥਾਵਾਂ ’ਤੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ। ਉੱਤਰ ਰੇਲਵੇ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ 50 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਤੇ 130 ਥਾਵਾਂ ਉਪਰ ਅੰਦੋਲਨ ਦਾ ਅਸਰ ਪਿਆ।
ਮੋਰਚੇ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਪੁਲੀਸ ਨੇ ਗੁਨਾ, ਗਵਾਲੀਅਰ, ਰੀਵਾ, ਬਾਮਨੀਆ (ਝਬੂਆ ਵਿੱਚ) ਅਤੇ ਹੋਰ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ। ਤਿਲੰਗਾਨਾ ਦੇ ਕਾਚੇਗੁੜਾ (ਹੈਦਰਾਬਾਦ) ਵਿੱਚ ਵੀ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ‘ਰੇਲ ਰੋਕੋ’ ਦੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਉੜੀਸਾ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਕਰਨਾਟਕ, ਤਿਲੰਗਾਨਾ ਆਦਿ ਰਾਜਾਂ ਵਿੱਚ ਸਫ਼ਲ ਰਹਿਣ ਦੀਆਂ ਰਿਪੋਰਟਾਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕੁਦਰਤੀ ਨਿਆਂ ਦੇ ਇੱਕ ਸਧਾਰਨ ਸਿਧਾਂਤ ਵਜੋਂ ਇਹ ਕਰਨ ਦੇ ਨਾਲ-ਨਾਲ ਨੈਤਿਕ ਜ਼ਿੰਮੇਵਾਰੀ ਵੀ ਨਿਭਾਉਣੀ ਪਵੇਗੀ, ਇਹ ਯਕੀਨੀ ਬਣਾਉਣ ਲਈ ਕਿ ਜਾਂਚ ਪ੍ਰਭਾਵਿਤ ਨਾ ਹੋਵੇ, ਲਖੀਮਪੁਰ ਖੀਰੀ ਕਤਲੇਆਮ ਦੇ ਅਸਲ ਦੋਸ਼ੀਆਂ ਤੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇ ਲਖੀਮਪੁਰ ਖੀਰੀ ਕਤਲੇਆਮ ਵਿੱਚ ਇਨਸਾਫ ਲਈ ਉਸ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ। 26 ਨਵੰਬਰ ਨੂੰ ਮੋਰਚੇ ਦੇ ਸਾਲ ਪੂਰਾ ਹੋਣ ’ਤੇ ਲਖਨਊ ਦੀ ਮਹਾਂਪੰਚਾਇਤ ਮਗਰੋਂ ਸੰਘਰਸ਼ ਦੇ ਅਗਲੇ ਪੜਾਅ ਤੈਅ ਕੀਤੇ ਜਾਣਗੇ। ਦੇਸ਼ ਦੇ ਕਈ ਰਾਜਾਂ ਵਿੱਚ ਲਖੀਮਪੁਰ ਖੀਰੀ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਯਾਤਰਾਵਾਂ ਕੱਢੀਆਂ ਗਈਆਂ। ਮੱਧ ਪ੍ਰਦੇਸ਼ ਵਿੱਚ ਸ਼ਹੀਦ ਕਿਸਾਨ ਸ਼ਰਧਾਂਜਲੀ ਪਦਯਾਤਰਾ ਕੱਢੀ ਗਈ। ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਵੀ ਸ਼ਹੀਦ ਕਲਸ਼ ਯਾਤਰਾਵਾਂ ਦਾ ਆਗਾਜ਼ ਕੀਤਾ ਗਿਆ। ਉਧਰ ਪੁਲੀਸ ਕਮਿਸ਼ਨਰ (ਰੇਲਵੇ) ਹਰਿੰਦਰ ਕੁਮਾਰ ਸਿੰਘ ਦੇ ਹਵਾਲੇ ਨਾਲ ਦਿੱਲੀ ਦੀ ਰੇਲਵੇ ਪੁਲੀਸ ਨੇ ਕਿਹਾ ਕਿ ਅੰਦੋਲਨ ਕਰਕੇ ਕੌਮੀ ਰਾਜਧਾਨੀ ਵਿੱਚ ਕੋਈ ਗੜਬੜੀ ਜਾਂ ਰੇਲਗੱਡੀ ਰੱਦ ਨਹੀਂ ਹੋਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly