- ਮੰਗਾਂ ਨਾ ਮੰਨੀਆਂ ਤਾਂ ਮੁੜ ਅੰਦੋਲਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ: ਸੰਯੁਕਤ ਕਿਸਾਨ ਮੋਰਚਾ
- ਰਾਸ਼ਟਰਪਤੀ ਦੇ ਨਾਂ ਭੇਜੇ ਗਏ ਮੰਗ ਪੱਤਰ
ਨਵੀਂ ਦਿੱਲੀ, (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਗਏ ‘ਵਿਸ਼ਵਾਸਘਾਤ ਦਿਵਸ’ ਦੇ ਸੱਦੇ ਨੂੰ ਦੇਸ਼ ਭਰ ’ਚ ਭਰਵਾਂ ਹੁੰਗਾਰਾ ਮਿਲਿਆ। ਮੋਰਚੇ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਦਸੰਬਰ 2021 ਨੂੰ ਦੇਸ਼ ਦੇ ਅੰਦੋਲਨਕਾਰੀ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਦੀ ਹੈ ਤਾਂ ਕਿਸਾਨਾਂ ਕੋਲ ਮੁੜ ਅੰਦੋਲਨ ਸ਼ੁਰੂ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚੇਗਾ। ਉਨ੍ਹਾਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਯਾਦ ਕਰਾਉਣ। ਮੋਰਚੇ ਵੱਲੋਂ ਅੱਜ ਦੇ ਹੁੰਗਾਰੇ ਮਗਰੋਂ ‘ਮਿਸ਼ਨ ਉੱਤਰ ਪ੍ਰਦੇਸ਼’ ਤਹਿਤ ਨਵੀਆਂ ਯੋਜਨਾਵਾਂ ਨਾਲ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਅਹਿਦ ਵੀ ਲਿਆ।
ਲੱਖਾਂ ਕਿਸਾਨ ਵਿਸ਼ਵਾਸਘਾਤ ਦਿਵਸ ਮਨਾਉਣ ਅਤੇ ਕੇਂਦਰ ਦੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਸੜਕਾਂ ’ਤੇ ਉਤਰੇ। ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰਾਂ ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾ, ਯੁੱਧਵੀਰ ਸਿੰਘ ਅਤੇ ਯੋਗੇਂਦਰ ਯਾਦਵ ਨੇ ਦੱਸਿਆ ਕਿ ਦੇਸ਼ ਭਰ ’ਚ ਹਜ਼ਾਰਾਂ ਥਾਵਾਂ ’ਤੇ ਕਿਸਾਨਾਂ ਨੇ ‘ਵਿਸ਼ਵਾਸਘਾਤ ਦਿਵਸ’ ਮਨਾਇਆ। ਉਨ੍ਹਾਂ ਮੁਤਾਬਕ ਸੈਂਕੜੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ਰੋਸ ਮੁਜ਼ਾਹਰੇ ਹੋਏ ਅਤੇ ਜ਼ਿਲ੍ਹਾ ਕਲੈਕਟਰਾਂ, ਐੱਸਡੀਐੱਮਜ਼ ਅਤੇ ਏਡੀਐੱਮਜ਼ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪੇ ਗਏ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਪੰਜਾਬ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮਹਾਰਾਸ਼ਟਰ, ਕਰਨਾਟਕ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਤਿਲੰਗਾਨਾ, ਉੜੀਸਾ, ਤਾਮਿਲਨਾਡੂ, ਰਾਜਸਥਾਨ, ਗੁਜਰਾਤ, ਤ੍ਰਿਪੁਰਾ ਸਮੇਤ ਹੋਰ ਰਾਜਾਂ ਵਿੱਚ ਪ੍ਰਦਰਸ਼ਨ ਕੀਤੇ ਗਏ, ਮਾਰਚ ਕੱਢੇ ਗਏ ਅਤੇ ਪੁਤਲੇ ਫੂਕੇ ਗਏ।
ਰਾਸ਼ਟਰਪਤੀ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਅਣਥੱਕ ਯਤਨਾਂ ਨਾਲ ਲੌਕਡਾਊਨ ਅਤੇ ਆਰਥਿਕ ਮੰਦੀ ਦੇ ਬਾਵਜੂਦ ਦੇਸ਼ ਦੇ ਖੇਤੀਬਾੜੀ ਉਤਪਾਦਨ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾ ਕਰਨਾ ਵਿਨਾਸ਼ਕਾਰੀ ਸਾਬਤ ਹੋ ਸਕਦਾ ਹੈ। ਮੋਰਚੇ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ ਹੈ। ਭਾਜਪਾ ਸਰਕਾਰ ਨੂੰ ਕਿਸਾਨਾਂ ਦੇ ਸਬਰ ਨੂੰ ਨਾ ਵੰਗਾਰਨ ਦੀ ਚਿਤਾਵਨੀ ਦਿੰਦਿਆਂ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਵਾਅਦਿਆਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਕਿਸਾਨਾਂ ਕੋਲ ਮੁੜ ਤੋਂ ਅੰਦੋਲਨ ਸ਼ੁਰੂ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਮੋਰਚੇ ਅਨੁਸਾਰ ਸਰਕਾਰ ਆਰਥਿਕ ਸਰਵੇਖਣ ਰਿਪੋਰਟ ’ਚ ਮੌਜੂਦਾ ਐੱਮਐੱਸਪੀ (ਐਲਾਨ) ਪ੍ਰਣਾਲੀ ਅਤੇ ਵਰਤੇ ਜਾ ਰਹੇ ਲਾਗਤ ਫਾਰਮੂਲੇ ਬਾਰੇ ਆਪਣੇ ਝੂਠਾਂ ’ਤੇ ਕਾਇਮ ਹੈ। ਮੋਰਚੇ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਅਸਲ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਦੇ ਨਾਲ ਘੱਟੋ ਘੱਟ ਸਮਰਥਨ ਮੁੱਲ ਐਲਾਨ ਕਰਨ ਦੇ ਖੋਖਲੇ ਵਾਅਦੇ ਕੀਤੇ ਗਏ ਹਨ ਅਤੇ ਕਿਸਾਨ ਜਾਣਦੇ ਹਨ ਕਿ ਅਜਿਹੀ ਵਿਭਿੰਨਤਾ ਤਾਂ ਹੀ ਸੰਭਵ ਹੈ ਜੇਕਰ ਤੇਲ ਵਾਲੀਆਂ ਫਸਲਾਂ, ਬਾਜਰੇ ਅਤੇ ਦਾਲਾਂ ਸਮੇਤ ਸਾਰੀਆਂ ਫਸਲਾਂ ਲਈ ਕਾਨੂੰਨੀ ਤੌਰ ’ਤੇ ਐੱਮਐੱਸਪੀ ਦੀ ਗਾਰੰਟੀ ਦਿੱਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly