ਚੰਡੀਗੜ੍ਹ (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਭਲਕੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਲਕੇ ਦੇਸ਼ ਭਰ ’ਚ ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਪੂਰਨ ਤੌਰ ’ਤੇ ਸੜਕ ਅਤੇ ਰੇਲ ਆਵਾਜਾਈ ਨੂੰ ਬੰਦ ਕੀਤਾ ਜਾਵੇਗਾ। ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਆਗੂਆਂ ਨੇ ਕਿਹਾ ਕਿ ਬੰਦ ਕਰਨਾ ਉਨ੍ਹਾਂ ਦਾ ਸ਼ੌਕ ਨਹੀਂ ਹੈ ਸਗੋਂ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਆਮ ਲੋਕਾਂ ਨੂੰ ਖੱਜਲ ਹੋਣ ਤੋਂ ਬਚਾਉਣ ਲਈ ਵੀ ਪੂਰਾ ਖਿਆਲ ਰੱਖਿਆ ਜਾਵੇਗਾ। ਬੰਦ ਨੂੰ ਕਾਂਗਰਸ, ਆਮ ਆਦਮੀ ਪਾਰਟੀ, ਬਸਪਾ, ਖੱਬੇ ਪੱਖੀ ਜਥੇਬੰਦੀਆਂ ਸਮੇਤ ਹੋਰ ਕਈ ਸੰਸਥਾਵਾਂ ਨੇ ਹਮਾਇਤ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਵੱਖ-ਵੱਖ ਮਾਰਕਿਟ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਮਾਇਤ ’ਚ 27 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ। ਉਨ੍ਹਾਂ ਆਮ ਲੋਕਾਂ ਨੂੰ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਂਜ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਬੰਦ ਦੌਰਾਨ ਕਿਸੇ ਨੂੰ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਤੌਰ ’ਤੇ ਖਿਆਲ ਰੱਖਿਆ ਜਾਵੇਗਾ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਸੂਬੇ ’ਚ 500 ਦੇ ਕਰੀਬ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਭਾਰਤ ਬੰਦ’ ਦੌਰਾਨ ਜਾਮ ਵਿੱਚ ਫਸੇ ਲੋਕਾਂ ਦੇ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਉਚੇਚੇ ਤੌਰ ’ਤੇ ਖ਼ਿਆਲ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਬੰਦ ਕਰਨਾ ਕਿਸਾਨਾਂ ਦਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਦੇ ਨਾਮ ’ਤੇ ਤਿੰਨ ਖੇਤੀ ਵਿਰੋਧੀ ਕਾਨੂੰਨ ਕਿਸਾਨਾਂ ’ਤੇ ਜਬਰੀ ਥੋਪਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨ ‘ਸ਼ਹੀਦ’ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋਣਗੇ ਅਤੇ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਾ ਕਾਨੂੰਨ ਨਹੀਂ ਲਿਆਂਦਾ ਜਾਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਸਾਨ ਧਰਨਿਆਂ ’ਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਸੱਦਾ ਦਿੱਤਾ ਹੈ।
ਮੋਰਚੇ ਨੇ ਲੋਕਾਂ ਤੋਂ ਸਾਥ ਮੰਗਿਆ
ਸੰਯੁਕਤ ਕਿਸਾਨ ਮੋਰਚੇ ਨੇ ‘ਭਾਰਤ ਬੰਦ’ ਦੌਰਾਨ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਮਾਇਤ ’ਚ ਬੰਦ ਨੂੰ ਪੂਰਨ ਸਹਿਯੋਗ ਦੇਣ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਸਾਰੇ ਦਫ਼ਤਰ, ਬਾਜ਼ਾਰ, ਦੁਕਾਨਾਂ ਅਤੇ ਸਨਅਤਾਂ ਨੂੰ ਬੰਦ ਰੱਖਿਆ ਜਾਵੇ। ਇਸ ਤੋਂ ਇਲਾਵਾ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਸਿੱਖਿਆ ਕੇਂਦਰਾਂ ਨੂੰ ਵੀ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸਮਾਜਿਕ ਸਮਾਗਮਾਂ ਨੂੰ ਵੀ ਨਹੀਂ ਹੋਣ ਦਿੱਤਾ ਜਾਵੇਗਾ।
ਬੰਦ ਸ਼ਾਂਤਮਈ ਰੱਖਣ ਦੀ ਅਪੀਲ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ‘ਭਾਰਤ ਬੰਦ’ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ। ਹਸਪਤਾਲ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸ ਅਤੇ ਹੋਰ ਸਿਹਤ ਸਹੂਲਤਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ, ਸਸਕਾਰ, ਬਿਮਾਰੀ ਅਤੇ ਵਿਆਹ-ਸ਼ਾਦੀ ਦੇ ਸਮਾਗਮ ਕੀਤੇ ਜਾ ਸਕਣਗੇ। ਮੋਰਚੇ ਦੇ ਆਗੂਆਂ ਨੇ ਕਿਸਾਨਾਂ ਨੂੰ ਵੀ ‘ਭਾਰਤ ਬੰਦ’ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly