ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨ ਆਗੂਆਂ ਨੇ ਅੱਜ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਲਈ ਰਾਹ ਸੁਖਾਲਾ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਨੇ ਅਜੇ ਉਨ੍ਹਾਂ ਦੀਆਂ ਕਈ ਅਹਿਮ ਮੰਗਾਂ ਨਹੀਂ ਮੰਨੀਆਂ। ਇਨ੍ਹਾਂ ਵਿਚ ਐਮਐੱਸਪੀ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਟੇਨੀ’ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਦਾ ਪੁੱਤਰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁੱਖ ਮੁਲਜ਼ਮ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ 15 ਜਨਵਰੀ ਨੂੰ ਮੀਟਿੰਗ ਕਰ ਕੇ ਬਕਾਇਆ ਮੰਗਾਂ ਦੀ ਸਮੀਖਿਆ ਕਰੇਗਾ ਤੇ ਅਗਲੇ ਕਦਮਾਂ ਬਾਰੇ ਫ਼ੈਸਲਾ ਲਏਗਾ। ਕਿਸਾਨ ਆਗੂ ਤੇ ਮੋਰਚਾ ਦੇ ਮੈਂਬਰ ਅਭਿਮੰਨਿਊ ਕੋਹਾੜ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਲੋਕਾਂ ਦਾ ਭਾਜਪਾ ਲਈ ਕੋਈ ਸਨੇਹ ਨਹੀਂ ਰਿਹਾ, ਇਸ ਲਈ ਖੇਤੀ ਪ੍ਰਧਾਨ ਸੂਬਿਆਂ ਪੰਜਾਬ ਤੇ ਯੂਪੀ ਵਿਚ ਭਾਜਪਾ ਦਾ ਰਾਹ ਬਿਲਕੁਲ ਸੁਖਾਲਾ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਤਰੀਕਾਂ ਐਲਾਨ ਦਿੱਤੀਆਂ ਹਨ, ਹੁਣ ਕੋਈ ਨਵਾਂ ਕੰਮ ਨਹੀਂ ਹੋ ਸਕੇਗਾ ਤੇ ਕਿਸਾਨਾਂ ਦੀਆਂ ਕੁਝ ਮੁੱਖ ਮੰਗਾਂ ਅਜੇ ਬਕਾਇਆ ਹਨ। ਸਰਕਾਰ ਨੇ ਨਾ ਤਾਂ ਐਮਐੱਸਪੀ ਉਤੇ ਕਾਨੂੰਨੀ ਗਾਰੰਟੀ ਦਿੱਤੀ ਹੈ ਤੇ ਨਾ ਹੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਕੈਬਨਿਟ ’ਚੋਂ ਬਾਹਰ ਕੀਤਾ ਹੈ। ਲੋਕ ਭਾਜਪਾ ਤੋਂ ਖ਼ੁਸ਼ ਨਹੀਂ ਹਨ ਤੇ ਇਹ ਮੁੱਦੇ ਅਗਾਮੀ ਪੰਜਾਬ ਤੇ ਯੂਪੀ ਚੋਣਾਂ ਵਿਚ ਫੈਸਲਾਕੁਨ ਭੂਮਿਕਾ ਅਦਾ ਕਰਨਗੇ। ਕੋਹਾੜ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦਾ ਫ਼ੈਸਲਾ ਲੈ ਚੁੱਕੀ ਹੈ। ਹਰਿਆਣਾ ਵਿਚ ਵੀ ਇਸ ਬਾਰੇ ਰਾਜ ਸਰਕਾਰ ਨੇ 23 ਦਸੰਬਰ ਨੂੰ ਹੁਕਮ ਜਾਰੀ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਜੋ ਕਿ ਮੋਰਚੇ ਦਾ ਹਿੱਸਾ ਸੀ, ਨੇ ਵੀ ਕਿਹਾ ਹੈ ਕਿ ਕਿਸਾਨਾਂ ਦੇ ਮੁੱਦੇ ਚੋਣਾਂ ਉਤੇ ਅਸਰ ਪਾਉਣਗੇ। ਬੀਕੇਯੂ ਦੇ ਬੁਲਾਰੇ ਸੌਰਭ ਉਪਾਧਿਆਏ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਉਸ ਤਰ੍ਹਾਂ ਕੰਮ ਨਹੀਂ ਕੀਤਾ ਜਿਵੇਂ ਕਰਨਾ ਚਾਹੀਦਾ ਸੀ। ਲਖੀਮਪੁਰ ਖੀਰੀ ਮਾਮਲੇ ਵਿਚ ਮੰਤਰੀ ਨੂੰ ਹਟਾਉਣਾ ਚਾਹੀਦਾ ਸੀ। ਉਪਾਧਿਆਏ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਸਰਕਾਰ ਨੇ ਭੁਲਾ ਦਿੱਤਾ ਸੀ, ਉਹੀ ਹੁਣ ਕੇਂਦਰ ਲਈ ਸਭ ਤੋਂ ਵੱਡਾ ਮੁੱਦਾ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly