ਕਿਸਾਨਾਂ ਵੱਲੋਂ 8 ਦੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ (ਸਮਾਜ ਵੀਕਲੀ): ਇੱਥੇ ਅੱਜ ਸਿੰਘੂ ਬਾਰਡਰ ’ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਕੇਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਡੀਜ਼ਲ, ਪੈਟਰੋਲ, ਰਸੋਈ ਗੈਸ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਖ਼ਿਲਾਫ਼ 8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਕੌਮੀ ਪੱਧਰ ’ਤੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨ ਹੁਣ ਝੋਨੇ ਦੀ ਬਿਜਾਈ ਤੋਂ ਵਿਹਲੇ ਹੋ ਰਹੇ ਹਨ, ਇਸ ਵਾਸਤੇ ਉਹ ਮੁੜ ਦਿੱਲੀ ਦੇ ਮੋਰਚਿਆਂ ਵੱਲ ਵਹੀਰਾਂ ਘੱਤਣ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਜੁਲਾਈ ਨੂੰ ਕੌਮੀ ਪੱਧਰ ’ਤੇ ਉਕਤ ਰੋਸ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਤਹਿਤ ਪੰਜਾਬ ਵਿੱਚ ਵੀ ਵੱਡੀ ਪੱਧਰ ’ਤੇ ਮਹਿੰਗਾਈ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਜੁਲਾਈ ਨੂੰ ਦੋ ਘੰਟੇ ਦੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹਰ ਤਰ੍ਹਾਂ ਦੇ ਦੋ ਤੇ ਚਾਰ ਪਹੀਆ ਵਾਹਨ ਬਿਨਾ ਆਵਾਜਾਈ ਰੋਕੇ ਮੁੱਖ ਸੜਕਾਂ ਕੰਢੇ ਖੜ੍ਹੇ ਕੀਤੇ ਜਾਣਗੇ। ਇਸ ਦੌਰਾਨ ਲੋਕ ਖਾਲੀ ਰਸੋਈ ਗੈਸ ਸਿਲੰਡਰ ਰੱਖ ਕੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ, ਜੰਗਬੀਰ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਦੀ ਪੂਰੀ ਸਪਲਾਈ ਦੇਣ ਸਬੰਧੀ ਮੰਗ 5 ਜੁਲਾਈ ਤੱਕ ਪੂਰੀ ਨਾ ਕੀਤੀ ਤਾਂ 6 ਜੁਲਾਈ ਨੂੰ ਮੋਤੀ ਮਹਿਲ ਘੇਰਿਆ ਜਾਵੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ-ਭਾਜਪਾ ਸਰਕਾਰ ਦੇ ਬਿਜਲੀ ਖ਼ਰੀਦ ਸਮਝੌਤੇ ਸਮੀਖਿਆ ਅਧੀਨ: ਕੈਪਟਨ
Next articleਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰੇਗਾ ਮਹਾਰਾਸ਼ਟਰ