ਨਵੀਂ ਦਿੱਲੀ (ਸਮਾਜ ਵੀਕਲੀ) :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਅੱਜ ਦਿੱਲੀ ਦੇ ਸਿੰਘੂ ਬਾਰਡਰ ’ਤੇ ਰੋਸ ਮਾਰਚ ਕੱਢਿਆ। ਮਾਰਚ ਦੀ ਅਗਵਾਈ ਡਾ. ਦਰਸ਼ਨਪਾਲ, ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਦਿੱਤੂਪੁਰ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਕੀਤੀ। ਕੇਐੱਫਸੀ ਮਾਲ ਦੇ ਨਜ਼ਦੀਕ ਤੋਂ ਸ਼ੁਰੂ ਹੋਇਆ ਮਾਰਚ ਸਿੰਘੂ ਬਾਰਡਰ ਦੀ ਸਟੇਜ ਤੱਕ ਕੱਢਿਆ ਗਿਆ ਜਿਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੁਹਰਾਈ।
ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਹੋਰ ਚਾਰ ਸੂਬਿਆਂ ਵਿੱਚ ਵੀ ਕਿਸਾਨਾਂ ਨੂੰ ਲਾਮਬੰਦ ਕਰਕੇ ਮੋਰਚੇ ਨਾਲ ਜੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਜ਼ਿਲ੍ਹਾਵਾਰ ਲਗਾਤਾਰ ਜਥੇ ਲਿਆ ਕੇ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ਦੀ ਗਾਰੰਟੀ ਸਬੰਧੀ ਐਕਟ ਨਹੀਂ ਬਣਾ ਦਿੱਤਾ ਜਾਂਦਾ। ਕਿਸਾਨ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਂ ਹਰਿਆਣਾ ’ਚ ਧਰਨੇ ਦੇਣ ਸਬੰਧੀ ਦਿੱਤੇ ਗਏ ਬਿਆਨ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ, ਅਮਿਤ ਸ਼ਾਹ ਅਤੇ ਅੰਬਾਨੀ-ਅਡਾਨੀ ਨਾਲ ਆਪਣੀ ਮਿੱਤਰਤਾ ਦਾ ਪ੍ਰਗਟਾਵਾ ਕੀਤਾ ਹੈ ਜਿਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ। ਮਾਰਚ ’ਚ ਜੰਗ ਸਿੰਘ ਭਟੇੜੀ, ਅਵਤਾਰ ਸਿੰਘ ਕੌਰਜੀਵਾਲਾ, ਸੁਖਵਿੰਦਰ ਸਿੰਘ ਤੁੱਲੇਵਾਲ, ਨਿਰਮਲ ਸਿੰਘ, ਨਿਸ਼ਾਨ ਸਿੰਘ ਧਰਮਹੇੜੀ, ਗੁਰਚਰਨ ਸਿੰਘ ਮਲਸੀਆਂ ਕਲਾਂ, ਨਛੱਤਰ ਸਿੰਘ ਮਲਸੀਹਾਂ, ਗੁਰਪ੍ਰੀਤ ਸਿੰਘ ਮਾਛੀਵਾੜਾ, ਬਲਦੇਵ ਸਿੰਘ ਮਾਛੀਵਾੜਾ, ਬਿਕਰਮ ਬਾਰੇਕੇ, ਅਰਜਿੰਦਰ ਸਿੰਘ ਮਿਸ਼ਰੀਵਾਲਾ, ਹਰਨੇਕ ਸਿੰਘ ਭੱਲਮਾਜਰਾ, ਗੁਰਮੀਤ ਸਿੰਘ ਡਡਿਆਲਾ, ਬਚਨ ਸਿੰਘ ਭੰਬੋਈ ਆਦਿ ਤੋਂ ਇਲਾਵਾ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly