ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਸੰਘਰਸ਼ ਦਾ ਐਲਾਨ

ਲੁਧਿਆਣਾ (ਸਮਾਜ ਵੀਕਲੀ):  ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ, ਐੱਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਅਤੇ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਦੇਣ ਦੀਆਂ ਮੰਗਾਂ ਜੇਕਰ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਪੰਜ ਸੂਬਿਆਂ ਦੀਆਂ ਚੋਣਾਂ ਪਿੱਛੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਇੰਦਰਜੀਤ ਸਿੰਘ ਕੋਟਬੁੱਢਾ, ਹਰਪਾਲ ਸਿੰਘ ਸੰਘਾ ਤੇ ਸਤਨਾਮ ਸਿੰਘ ਬਾਗੜੀਆ ਦੀ ਪ੍ਰਧਾਨਗੀ ਹੇਠ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਹਾਲ ਵਿੱਚ ਹੋਈ, ਜਿਸ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪੰਜਾਬ ਅੰਦਰ ਕਰਜ਼ੇ ਅਤੇ ਫ਼ਸਲਾਂ ਦੇ ਭਾਅ ਦੀ ਗਾਰੰਟੀ ਲਈ ਸੰਘਰਸ਼ ਵਿੱਢਿਆ ਜਾਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਨਵੀਂ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਵੀ ਤਿਆਰ ਰਹਿਣਾ ਪਵੇਗਾ।

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਅੰਦਰ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾ ਰਹੀ ਹੈ ਤਾਂ ਜੋ ਨਵੀਂ ਸਰਕਾਰ ਬਣਨ ’ਤੇ ਕਿਸਾਨਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦਾ ਇੱਕ ਵਫ਼ਦ ਬਿਜਲੀ ਬੋਰਡ ਦੇ ਮੁਖੀ ਨੂੰ ਮਿਲ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕਰੇਗਾ। ਮੀਟਿੰਗ ਦੌਰਾਨ ਮੰਗ ਰੱਖੀ ਗਈ ਕਿ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਣੇ ਗੰਨੇ ਦੀ ਕਾਊਂਟਰ ਅਦਾਇਗੀ ਤੇ ਬਕਾਏ ਦੀ ਅਦਾਇਗੀ ਤੁਰੰਤ ਕੀਤਾ ਜਾਵੇ। ਇਕ ਮਤੇ ਰਾਹੀਂ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleGunfight breaks out in J&K’s Shopian
Next articleਚੋਣ ਕਮਿਸ਼ਨ ਨੇ ਭਾਜਪਾ ਦੇ ਇਸ਼ਾਰੇ ’ਤੇ ਕੁਮਾਰ ਵਿਸ਼ਵਾਸ ਦੀ ਵੀਡੀਓ ਰੋਕੀ: ਸੁਰਜੇਵਾਲਾ