ਚੰਡੀਗੜ੍ਹ(ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਸਾਨੀ ਅੰਦੋਲਨ ਅਤੇ ਕਿਸਾਨ ਸੰਸਦ ਨੂੰ ਬੇਤੁਕਾ ਆਖੇ ਜਾਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ,‘‘ਅਸਲੀਅਤ ਇਹ ਹੈ ਕਿ ਖੇਤੀ ਸੁਧਾਰਾਂ ਦੇ ਨਾਂ ’ਤੇ ਥੋਪੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ, ਜੋ ਕਿਸਾਨਾਂ ਨੇ ਮੰਗੇ ਹੀ ਨਹੀਂ ਹਨ।’’ ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਬਣਾਏ ਗਏ ਕਿਸਾਨ ਮਾਰੂ ਕਾਨੂੰਨਾਂ ਨੂੰ ਜਦੋਂ ਜ਼ੋਰ-ਜ਼ਬਰਦਸਤੀ ਅੰਨਦਾਤੇ ’ਤੇ ਥੋਪਿਆ ਜਾਵੇਗਾ ਤਾਂ ਕਿਸਾਨਾਂ-ਮਜ਼ਦੂਰਾਂ ਸਮੇਤ ਖੇਤੀਬਾੜੀ ’ਤੇ ਨਿਰਭਰ ਸਾਰੇ ਵਰਗਾਂ ਵੱਲੋਂ ਉਸ ਦਾ ਵਿਰੋਧ ਸੁਭਾਵਿਕ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੀ ਬੇਤੁਕੀ ਜ਼ਿੱਦ ਤਿਆਗ ਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।ਸ੍ਰੀ ਮਾਨ ਨੇ ਦੱਸਿਆ ਕਿ ਮੌਨਸੂਨ ਇਜਲਾਸ ਦੌਰਾਨ ਉਹ ਸੰਸਦ ਭਵਨ ਦੇ ਬਾਹਰ ਜਾਂ ਅੰਦਰ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਸਮੇਤ ਸਾਰੇ ਸੱਤਾਧਾਰੀ ਸੰਸਦ ਮੈਂਬਰਾਂ ਅਤੇ ਮੰਤਰੀਆਂ ਦਾ ਵਿਰੋਧ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ ਹਨ। ਉਹ ਸੰਸਦ ’ਚ ਲਗਾਤਾਰ ਚਾਰ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰ ਚੁੱਕੇ ਹਨ, ਤਾਂ ਜੋ ਸਰਕਾਰ ਸਾਰੇ ਸੰਸਦੀ ਕਾਰਜ ਇਕ ਪਾਸੇ ਰੱਖ ਕੇ ਸਿਰਫ਼ ਅਤੇ ਸਿਰਫ਼ ਖੇਤੀ ਕਾਨੂੰਨਾਂ ਬਾਰੇ ਗੱਲ ਕਰੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇੰਨੀ ਪੱਥਰ ਦਿਲ ਹੋ ਚੁੱਕੀ ਹੈ ਕਿ ਉਸ ਨੂੰ 8 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਅਤੇ ਉਨ੍ਹਾਂ ਦੀਆਂ ਸੈਂਕੜੇ ਕੁਰਬਾਨੀਆਂ ਨਜ਼ਰ ਨਹੀਂ ਆ ਰਹੀਆਂ ਹਨ ਅਤੇ ਉਹ ਖੇਤੀ ਕਾਨੂੰਨ ਰੱਦ ਨਾ ਕਰਨ ਲਈ ਬਜ਼ਿਦ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly