ਨਵੀਂ ਦਿੱਲੀ (ਸਮਾਜ ਵੀਕਲੀ): ਇਥੇ ਜੰਤਰ-ਮੰਤਰ ’ਤੇ ਕਿਸਾਨ ਸੰਸਦ ਦੇ 12ਵੇਂ ਦਿਨ ਅੱਜ ਮੋਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਇਸ ਗੱਲ ’ਤੇ ਆਧਾਰਿਤ ਸੀ ਕਿ 8 ਮਹੀਨਿਆਂ ਤੋਂ ਵੱਧ ਸਮੇਂ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰ ਵਲੋਂ ਅਨੇਕਾਂ ਕਿਸਾਨ ਵਿਰੋਧੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਬੇਭਰੋਸਗੀ ਮਤੇ ਵਿੱਚ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਰੌਲਾ-ਰੱਪਾ ਪਾਇਆ ਸੀ ਪਰ ਇਸ ਦਿਸ਼ਾ ਵਿੱਚ ਕੋਈ ਵੀ ਠੋਸ ਕੰਮ ਨਹੀਂ ਕੀਤਾ ਹੈ।
ਮਤੇ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਭਾਜਪਾ ਤੇ ਪ੍ਰਧਾਨ ਮੰਤਰੀ ਸੀ-2+50 ਫ਼ੀਸਦ ਐੱਮਐੱਸਪੀ ਦੇਣ ਦੇ ਆਪਣੇ ਵਾਅਦਿਆਂ ਤੋ ਵਾਰ-ਵਾਰ ਭਗੌੜੇ ਸਾਬਿਤ ਹੋਏ ਹਨ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਵੀ ਕਿਸਾਨਾਂ ਨੂੰ ਧੋਖਾ ਦਿੱਤਾ ਗਿਆ ਹੈ ਜਿੱਥੇ ਸਰਕਾਰ ਦਾ ਖ਼ਰਚਾ ਵਧਿਆ, ਕਿਸਾਨਾਂ ਦੀ ਕਵਰੇਜ ਘਟੀ ਤੇ ਕਾਰਪੋਰੇਸ਼ਨਾਂ ਨੂੰ ਲਾਭ ਹੋਇਆ ਹੈ। ਮਤੇ ’ਚ ਇਹ ਵੀ ਕਿਹਾ ਹੈ ਕਿ ਭਾਰਤ ਦੀ ਬਰਾਮਦ ’ਚ ਗਿਰਾਵਟ ਦਰਜ ਹੋਈ ਹੈ ਜਦਕਿ ਦਰਾਮਦ ਵਿੱਚ ਵਾਧਾ ਹੋਇਆ ਹੈ। ਇਸ ਨਾਲ ਦੋਵਾਂ ਵਿੱਚ ਹੀ ਪਾੜਾ ਵਧ ਰਿਹਾ ਹੈ। ਮਤੇ ਮੁਤਾਬਕ ਜਦੋਂ ਵੀ ਕੁਦਰਤੀ ਆਫ਼ਤਾਂ ਦੌਰਾਨ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਦੇਣ ਦੀ ਗੱਲ ਤੁਰਦੀ ਹੈ, ਤਾਂ ਇਹ ਇੱਕ ਵੱਡੀ ਅਸਫ਼ਲਤਾ ਸਾਬਿਤ ਹੁੰਦੀ ਹੈ।
ਮੋਦੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਕਾਰਪੋਰੇਟ ਪੱਖੀ, ਕਿਸਾਨ ਵਿਰੋਧੀ ਕਾਨੂੰਨ ਨਾ ਲਿਆਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਸਾਰੇ ਕਿਸਾਨਾਂ ਨੂੰ ਸਾਰੀਆਂ ਜਿਣਸਾਂ ਦੇ ਲਾਭਕਾਰੀ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਕਾਨੂੰਨ ਲਾਗੂ ਕਰੇ। ਬਹਿਸ ’ਚ ਹਿੱਸਾ ਲੈਂਦਿਆਂ ਕਿਸਾਨ ਮੈਂਬਰਾਂ ਨੇ ਰੋਜ਼ੀ-ਰੋਟੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜੇ ਬਹੁਤ ਸਾਰੇ ਮੁੱਦੇ ਉਠਾਏ। ਭਲਕੇ ਅਤੇ ਐਤਵਾਰ ਨੂੰ ਕਿਸਾਨ ਸੰਸਦ ਨਹੀਂ ਹੋਵੇਗੀ ਅਤੇ ਇਹ ਬਹਿਸ ਸੋਮਵਾਰ ਨੂੰ ਵੀ ਜਾਰੀ ਰਹੇਗੀ। ਉਸ ਦਿਨ ਮਹਿਲਾ ਕਿਸਾਨ ਸੰਸਦ ਦਾ ਪ੍ਰਬੰਧ ਕੀਤਾ ਜਾਵੇਗਾ। ਉਸ ਦਿਨ ਭਾਰਤ ਛੱਡੋ ਦਿਵਸ ਵੀ ਹੈ ਅਤੇ ਕਿਸਾਨ ਅੰਦੋਲਨ ਦਾ ਮੁੱਖ ਨਾਅਰਾ ‘ਮੋਦੀ ਗੱਦੀ ਛੱਡੋ, ਕਾਰਪੋਰੇਟੋ ਭਾਰਤ ਛੱਡੋ’ ਹੈ। ਮਹਿਲਾ ਕਿਸਾਨ ਸੰਸਦ ਭਾਰਤ ’ਚ ਔਰਤ ਕਿਸਾਨਾਂ ਦੇ ਮੁੱਦਿਆਂ ’ਤੇ ਵੀ ਵਿਚਾਰ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly