ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਸੰਯੁਕਤ ਕਮਿਸ਼ਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਆਪਣੀ ਕਣਕ ਦਾ ਇੱਕ ਵੀ ਦਾਣਾ ਘੱਟ ਰੇਟ ’ਤੇ ਨਾ ਵੇਚਣ ਸਗੋਂ ਪੂਰਾ ਭਾਅ ਲੈਣ ਲਈ ਸਰਕਾਰੀ ਖ਼ਰੀਦ ਏਜੰਸੀਆਂ ’ਤੇ ਜ਼ੋਰ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਭਾਜਪਾ ਆਗੂਆਂ ਅਤੇ ਹੋਰਨਾਂ ਵਿਅਕਤੀਆਂ ਨੂੰ ਕਾਨੂੰਨ ਮੁਤਾਬਕ ਸਜ਼ਾਵਾਂ ਦਿਵਾਉਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਸਾਨਾਂ ਦੀਆਂ ਬਕਾਇਆ ਮੰਗਾਂ ਅਤੇ ਪ੍ਰਧਾਨ ਮੰਤਰੀ ਦੀ ਵਾਅਦਾਖ਼ਿਲਾਫ਼ੀ ਬਾਰੇ ਵੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਵਾਉਣ ਲਈ ਪ੍ਰਧਾਨ ਮੰਤਰੀ ’ਤੇ ਦਬਾਅ ਪਾਇਆ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਫਿਰ ਤੋਂ ਯੋਗੀ ਸਰਕਾਰ ਹੋਂਦ ਵਿੱਚ ਆ ਚੁੱਕੀ ਹੈ ਅਤੇ ਅਗਲੇ ਦਿਨਾਂ ਵਿੱਚ ਯੂਪੀ ਦੇ ਮੁੱਖ ਮੰਤਰੀ ਨਾਲ ਮਿਲ ਕੇ ਇਸ ਮਸਲੇ ਦਾ ਸਥਾਈ ਹੱਲ ਕੱਢਣ ਲਈ ਜ਼ੋਰ ਪਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਸਮੇਂ ਦੀਆਂ ਸਰਕਾਰਾਂ ਤੋਂ ਇਨਸਾਫ਼ ਮੰਗਣ ਅਤੇ ਐੱਮਐੱਸਪੀ ਸਬੰਧੀ ਸੰਘਰਸ਼ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਘਰਸ਼ ਵਿੱਚ ਕਿਸਾਨੀ ਝੰਡਿਆਂ ਦੀ ਮੁਫ਼ਤ ਸੇਵਾ ਕਰਨ ਲਈ ਸਮਾਜ ਸੇਵੀ ਨਰਿੰਦਰ ਕੰਗ ਅਤੇ ਸਥਾਨਕ ਆਗੂਆਂ ਦੀ ‘ਦਿੱਲੀ ਚਲੋ ਅਭਿਆਨ’ ਚਲਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੰਗ ਨੇ ਬਿਨਾਂ ਕਿਸੇ ਅਹੁਦੇ ਜਾਂ ਕਿਸੇ ਲਾਲਚ ਤੋਂ ਇਕ ਕਿਸਾਨ ਹੋਣ ਦੇ ਨਾਤੇ ਆਪਣਾ ਫਰਜ਼ ਬਾਖ਼ੂਬੀ ਨਿਭਾਇਆ ਹੈ।
ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 734 ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਧ ਤੋਂ ਵੱਧ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਛੇੜਛਾੜ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਇਸ ਮੌਕੇ ‘ਦਿੱਲੀ ਚੱਲੋ’ ਕਾਫ਼ਲੇ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਪਰਮਜੀਤ ਸਿੰਘ ਪੰਮਾ, ਜਸਵੀਰ ਸਿੰਘ, ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਨਿਰਮਲ ਸਿੰਘ ਸਿੱਧੂ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly