ਚੰਡੀਗੜ੍ਹ (ਸਮਾਜ ਵੀਕਲੀ): ਗੁਜਰਾਤ ’ਚ ਉਜਾੜੇ ਦਾ ਖ਼ੌਫ ਝੱਲ ਰਹੇ ਪੰਜਾਬੀ ਕਿਸਾਨਾਂ ਨੇ ਹੁਣ ਨਵੇਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਟੇਕ ਲਾਈ ਹੈ। ਗੁਜਰਾਤ ’ਚ ‘ਆਪ’ ਦੇ ਦੋ ਦਿਨਾਂ ਪ੍ਰੋਗਰਾਮਾਂ ’ਚ ਪੁੱਜੇ ਭਗਵੰਤ ਮਾਨ ਨੂੰ ਉਨ੍ਹਾਂ ਅਪੀਲ ਕੀਤੀ ਕਿ ਉਹ ਪੰਜਾਬੀ ਕਿਸਾਨਾਂ ’ਤੇ ਉਜਾੜੇ ਦੀ ਲਟਕ ਰਹੀ ਤਲਵਾਰ ਤੋਂ ਮੁਕਤੀ ਦਿਵਾਉਣ। ਬੇਸ਼ੱਕ ਇਨ੍ਹਾਂ ਪੰਜਾਬੀ ਕਿਸਾਨਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਨਹੀਂ ਹੋ ਸਕੀ ਹੈ ਪਰ ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ‘ਆਪ’ ਨੇ ਪੰਜਾਬ ਤੋਂ ਬਾਅਦ ਹੁਣ ‘ਗੁਜਰਾਤ ਮਿਸ਼ਨ’ ਦੀ ਸ਼ੁਰੂਆਤ ਕੀਤੀ ਹੈ।
ਭੁਜ ਖ਼ਿਤੇ ਦੇ ਪਿੰਡ ਨਰੌਣਾ ਦੇ ਕਿਸਾਨ ਬਿੱਕਰ ਸਿੰਘ ਨੇ ਕਿਹਾ ਕਿ ਦਹਾਕਿਆਂ ਤੋਂ ਬੈਠੇ ਕਿਸਾਨ ਹਾਲੇ ਵੀ ਗੁਜਰਾਤ ਵਿਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਮੀਨਾਂ ਖੁੱਸਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਗੁਜਰਾਤ ਸਰਕਾਰ ਤੋਂ ਉਨ੍ਹਾਂ ਦੀ ਮੰਗ ਪੂਰੀ ਕਰਾਵੇ। ਪਿੰਡ ਜੁਰਾ ਦੇ ਚਮਕੌਰ ਸਿੰਘ ਨੂੰ ਇਸ ਗੱਲ ਦਾ ਦੁੱਖ ਹੈ ਕਿ ਗੁਜਰਾਤ ਵਿਚ ਉਨ੍ਹਾਂ ਨੂੰ ਬਾਹਰਲੇ ਹੋਣ ਦਾ ਸੰਤਾਪ ਝੱਲਣਾ ਪੈ ਰਿਹਾ ਹੈ। ਵੇਰਵਿਆਂ ਅਨੁਸਾਰ ਗੁਜਰਾਤ ਵਿਚ ਕਰੀਬ ਪੰਜ ਹਜ਼ਾਰ ਪੰਜਾਬੀ ਕਿਸਾਨਾਂ ਦੇ ਪਰਿਵਾਰ ਹਨ ਜਿਨ੍ਹਾਂ ਨੂੰ ਕਾਫ਼ੀ ਲੰਮੇ ਅਰਸੇ ਤੋਂ ਜ਼ਮੀਨਾਂ ਬਚਾਉਣ ਦੀ ਲੜਾਈ ਲੜਣੀ ਪੈ ਰਹੀ ਹੈ।
ਜ਼ਿਕਰਯੋਗ ਹੈ ਕਿ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੇ 1964 ਵਿਚ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਤਹਿਤ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਭੁਜ ਖੇਤਰ ਵਿਚ ਜ਼ਮੀਨਾਂ ਅਲਾਟ ਕੀਤੀਆਂ ਸਨ। ਕਰੀਬ 20 ਹਜ਼ਾਰ ਏਕੜ ਜ਼ਮੀਨ ਪੰਜਾਬੀ ਕਿਸਾਨਾਂ ਕੋਲ ਹੈ। ਗੁਜਰਾਤ ਸਰਕਾਰ ਨੇ ਪੰਜਾਬੀ ਕਿਸਾਨਾਂ ਦੀ ਜ਼ਮੀਨ ਦੀ ਮਾਲਕੀ ’ਤੇ ਮਾਲ ਵਿਭਾਗ ਦੇ ਰਿਕਾਰਡ ਵਿਚ ਰੈੱਡ ਐਂਟਰੀ ਪਾ ਦਿੱਤੀ ਹੈ। ਉਸ ਮਗਰੋਂ ਕਿਸਾਨਾਂ ਨੇ ਹਾਈ ਕੋਰਟ ਵਿਚ ਕੇਸ ਦਾਇਰ ਕਰ ਦਿੱਤਾ ਸੀ ਜਿਥੋਂ ਉਨ੍ਹਾਂ ਨੂੰ ਰਾਹਤ ਮਿਲ ਗਈ ਸੀ। ਗੁਜਰਾਤ ਸਰਕਾਰ ਨੇ ਕਿਸਾਨਾਂ ਦੇ ਹੱਕ ਵਿਚ ਆਏ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿੱਤੀ ਸੀ। ਗੁਜਰਾਤ ਦੇ ਭੂ-ਮਾਫੀਏ ਵੱਲੋਂ ਕਈ ਦਫ਼ਾ ਪੰਜਾਬੀ ਕਿਸਾਨਾਂ ’ਤੇ ਹਮਲੇ ਕੀਤੇ ਜਾ ਚੁੱਕੇ ਹਨ।
ਚੇਤੇ ਰਹੇ ਕਿ ਨਰਿੰਦਰ ਮੋਦੀ ਨੇ 23 ਫਰਵਰੀ, 2014 ਨੂੰ ਜਗਰਾਓਂ ਵਿਖੇ ‘ਫ਼ਤਿਹ ਰੈਲੀ’ ਦੌਰਾਨ ਇਹ ਵਾਅਦਾ ਕੀਤਾ ਸੀ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਗੁਜਰਾਤ ’ਚੋਂ ਉੱਜੜਨ ਨਹੀਂ ਦਿੱਤਾ ਜਾਵੇਗਾ। ਮਾਰਚ 2019 ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਚੇਚੇ ਤੌਰ ’ਤੇ ਗੁਜਰਾਤ ਪੁੱਜੇ ਸਨ ਜਿਥੇ ਉਨ੍ਹਾਂ ਸਟੇਜ ਤੋਂ ਨਰਿੰਦਰ ਮੋਦੀ ਨੂੰ ਅਸ਼ੀਰਵਾਦ ਦਿੱਤਾ ਸੀ। ਉਦੋਂ ਇਹ ਪੰਜਾਬੀ ਕਿਸਾਨ ਨਾਰਾਜ਼ ਹੋ ਗਏ ਸਨ ਕਿਉਂਕਿ ਬਾਦਲ ਨੇ ਪੰਜਾਬੀ ਕਿਸਾਨਾਂ ਦਾ ਮਾਮਲਾ ਨਹੀਂ ਉਠਾਇਆ ਸੀ। ਗੁਜਰਾਤ ਦੇ ਕੁਠਾਰਾ ਇਲਾਕੇ ਵਿਚ ਕਰੀਬ ਤਿੰਨ ਹਜ਼ਾਰ ਪੰਜਾਬੀ ਕਿਸਾਨ ਪਰਿਵਾਰ ਹਨ ਜਿਨ੍ਹਾਂ ’ਚੋਂ ਜਸਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਦਾ ਕਾਫ਼ੀ ਲੇਟ ਪਤਾ ਲੱਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਗੁਜਰਾਤ ਵਿਚਲੇ ਪੰਜਾਬੀ ਕਿਸਾਨਾਂ ਦਾ ਦਰਦ ਸਮਝਣ ਅਤੇ ਬਤੌਰ ਮੁੱਖ ਮੰਤਰੀ ਇਹ ਮਸਲਾ ਗੁਜਰਾਤ ਸਰਕਾਰ ਕੋਲ ਉਠਾਉਣ।
ਕਿਸਾਨਾਂ ਨੇ ਦੱਸਿਆ ਕਿ ਦਸੰਬਰ 2021 ’ਚ ਭੁਜ ਇਲਾਕੇ ਵਿਚ ਗੁਜਰਾਤ ਦੇ ਮੁੱਖ ਮੰਤਰੀ ਆਏ ਸਨ, ਜਿਨ੍ਹਾਂ ਕੋਲ ਉਹ ਆਪਣਾ ਦੁੱਖ ਰੋ ਚੁੱਕੇ ਹਨ। ਪਿੰਡ ਮਾਂਡਵੀ ਦੇ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਸਮੇਂ ਸਮੇਂ ’ਤੇ ਘੱਟ ਗਿਣਤੀ ਕਮਿਸ਼ਨ ਕੋਲ ਵੀ ਮਾਮਲਾ ਉਠਾ ਚੁੱਕੇ ਹਨ ਪਰ ਕਿਸੇ ਨੇ ਵੀ ਕਿਸਾਨਾਂ ਦੀ ਬਾਂਹ ਨਹੀਂ ਫੜੀ ਹੈ। ਜਦੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਚੱਲਿਆ ਸੀ ਤਾਂ ਗੁਜਰਾਤ ਦੇ ਇਨ੍ਹਾਂ ਪੰਜਾਬੀ ਕਿਸਾਨਾਂ ਨੇ ਵੀ ਹਾਜ਼ਰੀ ਲੁਆਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly