ਚੰਡੀਗੜ੍ਹ (ਸਮਾਜ ਵੀਕਲੀ): ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸੂਬੇ ’ਚ ਚੱਲਦੇ ਡਰੱਗ ਮਾਫੀਆ ਬਾਰੇ ਹੁਣ ਸੱਤਾਧਾਰੀ ਕਾਂਗਰਸ ਦੇ ਆਗੂ ਵੀ ਦੁਹਾਈ ਪਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਸੱਚ ਨੂੰ ਪ੍ਰਵਾਨ ਕਰ ਲਿਆ ਹੈ ਕਿ ਕਾਂਗਰਸ ਦੇ ਰਾਜ ਵਿੱਚ ਨਸ਼ੇ ਦਾ ਕਹਿਰ ਜਾਰੀ ਰਿਹਾ ਹੈ ਤੇ ਡਰੱਗ ਮਾਫੀਆ ਦਾ ਸਿਆਸੀ ਆਗੂਆਂ ਨਾਲ ਗੱਠਜੋੜ ਬਣਿਆ ਹੋਇਆ ਹੈ।
ਸ੍ਰੀ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਆਗੂਆਂ ਨੇ 2017 ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਗੁਟਕਾ ਸਾਹਿਬ ਫੜ ਕੇ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜਭਾਗ ਦਾ ਆਨੰਦ ਮਾਣਦੇ ਰਹੇ, ਪਰ ਨਾ ਨਸ਼ਾ ਖਤਮ ਹੋਇਆ ਅਤੇ ਨਾ ਹੀ ਨਸ਼ਾ ਮਾਫੀਆ ਦੇ ਸਰਪ੍ਰਸਤ ਸਿਆਸੀ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਹੋਈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚੋਂ ਕਾਂਗਰਸ ਦਾ ਰਾਜ ਖਤਮ ਹੋ ਗਿਆ ਹੈ ਤਾਂ ਕਾਂਗਰਸੀ ਆਗੂ ਸੂਬੇ ਦੇ ਪੁਲੀਸ ਮੁਖੀ ਨੂੰ ਚਿੱਠੀਆਂ ਲਿਖ ਕੇ ਨਸ਼ਿਆਂ ਨੂੰ ਠੱਲ੍ਹਣ ਦੀ ਮੰਗ ਕਰਦੇ ਹੋਏ ਪੁਲੀਸ ਮੁਖੀ ਦੇ ਘਰ ਅੱਗੇ ਧਰਨਾ ਲਾਉਣ ਦੀ ਚਿਤਾਵਨੀ ਦੇ ਰਹੇ ਹਨ।
‘ਆਪ’ ਆਗੂ ਨੇ ਸਵਾਲ ਕੀਤਾ ਕਿ ਬੀਤੇ ਪੰਜ ਸਾਲਾਂ ਦੌਰਾਨ ਕਾਂਗਰਸ ਦੇ ਆਗੂ ਨਸ਼ਿਆਂ ਦੇ ਮੁੱਦੇ ਚੁੱਪ ਕਿਉਂ ਰਹੇ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰਾਂ ਅੱਗੇ ਧਰਨੇ ਕਿਉਂ ਨਹੀਂ ਲਾਏ? ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ’ਤੇ ਕਾਂਗਰਸ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ? ਸ੍ਰੀ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਤੋਂ ਬਾਅਦ ਪੰਜਾਬ ’ਚ ਲੋਕਾਂ ਦੀਆਂ ਉਮੀਦਾਂ ਅਨੁਸਾਰ ‘ਆਪ’ ਦੀ ਸਰਕਾਰ ਬਣੇਗੀ ਅਤੇ ‘ਆਪ’ ਦੀ ਸਰਕਾਰ ਆਪਣਾ ਫਰਜ਼ ਸਮਝ ਕੇ ਸੂਬੇ ਵਿੱਚੋਂ ਨਸ਼ਾ ਖ਼ਤਮ ਕਰੇਗੀ, ਡਰੱਗ ਮਾਫ਼ੀਆ ਖਿਲਾਫ਼ ਸਖ਼ਤ ਕਾਰਵਾਈ ਕਰੇਗੀ ਤੇ ਡਰੱਗ ਮਾਫੀਆ ਨੂੰ ਸਰਪ੍ਰਸਤੀ ਦੇਣ ਵਾਲੇ ਸਿਆਸੀ ਆਗੂਆਂ ਨੂੰ ਜੇਲ੍ਹਾਂ ਵਿੱਚ ਸੁੱਟੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly