ਕਿਹਾ, ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਹਨ ਉਪਰਾਲੇ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਮੈਡੀਕਲ ਅਫਸਰਾਂ ਅਤੇ ਕਲੀਨੀਕਲ ਸਹਾਇਕਾਂ ਨੂੰ ਐਨ. ਸੀ. ਡੀ ਤਹਿਤ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ੁਰੂ ਕੀਤੀਆਂ ਗਈਆਂ ਪਹਿਲ ਕਦਮੀਆਂ ਵਿਚ ਕਮਿਊਨਿਟੀ ਅਧਾਰਿਤ ਮੁਲਾਂਕਣ ਚੈੱਕਲਿਸਟ (ਸੀ ਵੈਕ ) ਇਕ ਆਨਲਾਈਨ ਫਾਰਮ ਇਕ ਅਜਿਹਾ ਆਨਲਾਈਨ ਸਾਧਨ ਹੈ, ਜੋ ਉਨ੍ਹਾਂ ਲੋਕਾਂ ਦੀ ਪਹਿਚਾਣ ਕਰਨ ਵਿਚ ਮਦਦ ਕਰਦਾ ਹੈ ਜੋ ਗੈਰ- ਸੰਚਾਰੀ ਬਿਮਾਰੀਆਂ ਦੇ ਜ਼ੋਖਮ ਵਿਚ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਕਲੀਨੀਕਲ ਅਸਿਸਟੈਂਟ, ਕਮਿਊਨਿਟੀ ਸਿਹਤ ਅਫਸਰਾਂ ਅਤੇ ਆਸ਼ਾ ਵਰਕਰਾਂ ਦੁਆਰਾ ਵਰਤਿਆ ਜਾਂਦਾ ਹੈ। ਉਨ੍ਹਾਂ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਮੈਡੀਕਲ ਅਫਸਰਾਂ ਅਤੇ ਕਲੀਨੀਕਲ ਸਹਾਇਕਾਂ ਨੂੰ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਨਾਲ ਨਜਿੱਠਣ ਲਈ ਦੇਸ਼ ਵਿਆਪੀ ਸਕਰੀਨਿੰਗ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਬਣਦਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਜਾਂਚ ਆਸ਼ਾ, ਏ. ਐਨ. ਐਮ, ਐਮ. ਪੀ. ਐੱਚ ਡਬਲ ਤੇ ਸੀ. ਐਚ. ਓ ਸਮੇਤ ਸਿਖਲਾਈ ਪ੍ਰਾਪਤ ਸਿਹਤ ਸੰਭਾਲ ਕਰਮਚਾਰੀਆਂ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪ੍ਰਾਇਮਰੀ ਸਿਹਤ ਕੇਂਦਰਾਂ, ਆਮ ਆਦਮੀ ਕਲੀਨਿਕਾਂ, ਆਯੁਸ਼ਮਾਨ ਅਰੋਗਿਆ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ, ਜ਼ਿਲ੍ਹਾ ਹਸਪਤਾਲਾਂ, ਸਬ ਡਵੀਜ਼ਨਲ ਹਸਪਤਾਲਾਂ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 30 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਕਰੀਨਿੰਗ ਪ੍ਰੋਗਰਾਮ ਦੀ ਦੇਸ਼ ਵਿਆਪੀ ਸ਼ੁਰੂਆਤ ਦੀ ਤਰਜ਼ ‘ਤੇ ਕੀਤੀ ਗਈ ਹੈ। ਇਹ ਮੁਹਿੰਮ ਪ੍ਰਾਇਮਰੀ ਸਿਹਤ ਸੰਭਾਲ ਸਹੂਲਤਾਂ ਵਿਚ ਆਬਾਦੀ ਦੇ ਅਰਥ ਜਾਂਚ ਰਾਹੀਂ ਆਮ ਐਨ. ਸੀ. ਡੀ ਦੀ ਜਲਦ ਪਛਾਣ ‘ਤੇ ਕੇਂਦਰਿਤ ਹੈ। ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਗੈਰ-ਸੰਚਾਰੀ ਬਿਮਾਰੀਆਂ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ,ਦਿਲ ਸਟਰੋਕ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਡਰਨਾ ਨਹੀਂ ਚਾਹੀਦਾ, ਸਗੋਂ ਇਨ੍ਹਾਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਚਾਹੀਦੀ ਹੈ ਅਤੇ ਤੁਰੰਤ ਇਲਾਜ ਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਆਮ ਤੌਰ ‘ਤੇ ਲੰਮੀ ਮਿਆਦ ਵਾਲੀਆਂ ਬਿਮਾਰੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੀਕ ਹੋਣ ‘ਚ ਸਮਾਂ ਲੱਗਦਾ ਹੈ। ਇਸ ਮੌਕੇ ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ ਨੇ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀ ਸਿਹਤ ਸਕੀਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਉਹਨਾਂ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਮੈਡੀਕਲ ਅਫਸਰਾਂ ਤੇ ਕਲੀਨੀਕਲ ਸਹਾਇਕਾਂ ਨੂੰ ਆਨਲਾਈਨ ਸੀ ਵੈਕ ਫਾਰਮ ਭਰਨ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਅਤੇ ਸਿਹਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj