ਜਲੰਧਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਅੱਜ ਏਥੇ ਨੇੜਲੇ ਪਿੰਡ ਪੁਆਰਾ ਵਿਖੇ ਇਲਾਕਾ ਪੱਧਰੀ ਮੀਟਿੰਗ ਕਰਕੇ ਮਜ਼ਦੂਰਾਂ ਦੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਪਿੰਡ ਪੱਧਰੀ ਘੋਲ਼ ਮਿਘਾਉਣ ਵਾਸਤੇ 7 ਵੱਖ ਵੱਖ ਪਿੰਡਾਂ ਆਧਾਰਿਤ 13 ਮੈਂਬਰੀ ਅਡਹਾਕ ਇਲਾਕਾ ਕਮੇਟੀ ਦਾ ਗਠਨ ਕੀਤਾ ਗਿਆ। ਸੁਖਜਿੰਦਰ ਪੁਆਰ ਨੂੰ ਇਸ ਕਮੇਟੀ ਦਾ ਕਨਵੀਨਰ ਬਣਾਇਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਧਨਾਢਾਂ,ਹਾਕਮ ਜਮਾਤਾਂ ਦੀ ਨੁਮਾਇੰਦਾ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਨੇ ਗੱਠਜੋੜ ਬਣਾ ਕੇ ਮਜ਼ਦੂਰਾਂ ਦੇ ਬੁਨਿਆਦੀ ਮਸਲਿਆਂ ਵਿੱਚ ਰੋਕਾਂ ਖੜੀਆਂ ਕੀਤੀਆਂ ਹੋਈਆਂ ਹਨ। ਇਸ ਕਾਰਨ ਹੀ ਲੈਂਡ ਸੀਲਿੰਗ ਐਕਟ ਤਹਿਤ ਸਾਢੇ ਸਤਾਰਾਂ ਏਕੜ ਤੋਂ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਨਹੀਂ ਵੰਡੀਆਂ ਗਈਆਂ, ਪੰਚਾਇਤੀ ਜ਼ਮੀਨਾਂ ਚੋਂ ਰਾਖਵੇਂ ਤੀਜੇ ਹਿੱਸੇ ਦਾ ਕਾਨੂੰਨੀ ਹੱਕ ਦਲਿਤਾਂ ਨੂੰ ਅਮਲ ਵਿੱਚ ਨਹੀਂ ਦਿੱਤਾ ਜਾ ਰਿਹਾ,ਲਾਲ ਲਕੀਰ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਨਹੀਂ ਦਿੱਤੇ ਜਾ ਰਹੇ, ਲੋੜਵੰਦਾਂ ਨੂੰ ਰਿਹਾਇਸੀ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟ ਨਹੀਂ ਮਿਲ ਰਹੀ, ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਤੇ ਦਿਹਾੜੀ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ। ਸਹਿਕਾਰੀ ਸਭਾਵਾਂ ਵਿੱਚ ਮੈਂਬਰਸ਼ਿਪ ਨਹੀਂ ਮਿਲ ਰਹੀ ਤੇ ਕਰਜ਼ਾ ਮੁਆਫ਼ੀ ਨਹੀਂ ਕੀਤਾ ਜਾ ਰਿਹਾ ਅਤੇ ਸਮਾਜਿਕ ਜ਼ਬਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਬੁਨਿਆਦੀ ਮਸਲਿਆਂ ਦੇ ਠੋਸ ਨਿਪਟਾਰੇ ਲਈ ਪਿੰਡ ਪੱਧਰੀ ਘੋਲ਼ ਮਿਘਾਏ ਜਾਣਗੇ। ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਹਰਾ ਦੇ ਕੇ ਆਈ ਭਗਵੰਤ ਮਾਨ ਸਰਕਾਰ ਨੇ ਦਿਤੀਆਂ ਗਾਰੰਟੀਆਂ ਨੂੰ ਲਾਗੂ ਨਹੀਂ ਕੀਤਾ। ਪੇਂਡੂ ਮਜ਼ਦੂਰ ਜਥੇਬੰਦੀਆਂ ਨੂੰ ਸਮਾਂ ਨਹੀਂ ਦੇ ਕੇ ਮੁੱਖ ਮੰਤਰੀ ਨੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਲੋਕ ਸਭਾ ਚੋਣਾਂ ਵਿੱਚ ਮਜ਼ਦੂਰਾਂ ਨੇ ਆਮ ਪਾਰਟੀ ਨੂੰ ਵੋਟ ਦੇਣ ਤੋਂ ਨਾਂਹ ਕਰ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਆਪ ਪਾਰਟੀ ਨੂੰ 13 ਚੋਂ 3 ਉੱਪਰ ਲਿਆ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੀਆਂ ਗਲਤੀਆਂ ਨੂੰ ਦਰੁੱਸਤ ਕਰਨ ਦੀ ਥਾਂ ਲੋਕ ਸਭਾ ਚੋਣਾਂ ਦੀ ਹਾਰ ਦਾ ਠੀਕਰਾ ਮਗਨਰੇਗਾ ਵਰਕਰਾਂ ਉੱਪਰ ਭੰਨਦੇ ਹੋਏ ਮਗਨਰੇਗਾ ਕਾਨੂੰਨ ਨੂੰ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣਾਉਣ ਦਾ ਰਾਹ ਚੁਣ ਲਿਆ ਅਤੇ ਮਗਨਰੇਗਾ ਕਾਰਜਾਂ ਦਾ ਸਿਆਸੀਕਰਨ ਕਰਦਿਆਂ ਚੁਣੇ ਹੋਏ ਜਾਂ ਕਾਨੂੰਨ ਮੁਤਾਬਕ ਮਗਨਰੇਗਾ ਵਰਕਰਾਂ ਦੇ ਅਧਿਕਾਰ ਉੱਪਰ ਸਿਆਸੀ ਦਬਾਅ ਤਹਿਤ ਆਪ ਪਾਰਟੀ ਦੇ ਕਠਪੁਤਲੀ ਆਗੂਆਂ, ਵਰਕਰਾਂ ਨੂੰ ਬਿਠਾ ਦਿੱਤਾ,ਜੋ ਮਗਨਰੇਗਾ ਵਰਕਰਾਂ ਨੂੰ ਪ੍ਰਵਾਨ ਨਹੀਂ। ਉਨ੍ਹਾਂ ਮਗਨਰੇਗਾ ਵਰਕਰਾਂ ਨੂੰ ਕੰਮ ਦੇਣ ਤੋਂ ਇਨਕਾਰੀ ਬਲਾਕ ਜਲੰਧਰ ਪੱਛਮੀ ਦੇ ਅਧਿਕਾਰੀਆਂ ਨੂੰ ਬਾਜ਼ ਆਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਭਗਵੰਤ ਮਾਨ ਸਰਕਾਰ ਨੇ ਮਜ਼ਦੂਰਾਂ ਦੇ ਬੁਨਿਆਦੀ ਮਸਲਿਆਂ ਦਾ ਠੋਸ ਨਿਪਟਾਰਾ ਨਾ ਕੀਤਾ ਤਾਂ ਆਮ ਲੋਕਾਂ ਨੇ ਰਹਿੰਦੀ ਕਸਰ ਵੀ ਪੂਰੀ ਕਰ ਦੇਣੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਸੂਬਾ ਪੱਧਰੀ ਘੋਲ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਇਸ ਮੌਕੇ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਥਾਣਾ ਲਾਂਬੜਾ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਸਨੇ ਸੱਤਾਧਾਰੀ ਧਿਰ ਦੇ ਸਿਆਸੀ ਦਬਾਅ ਹੇਠ ਆਮ ਲੋਕਾਂ ਨੂੰ ਤੰਗ ਪ੍ਰੇਸਾਨ ਕਰਨਾ ਬੰਦ ਨਾ ਕੀਤਾ ਅਤੇ ਕਲਿਆਣਪੁਰ, ਨਿੱਝਰਾਂ ਆਦਿ ਪਿੰਡਾਂ ਨਾਲ ਸੰਬੰਧਿਤ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਦਿੱਤਾ ਤਾਂ ਪੁਲਿਸ ਪ੍ਰਸ਼ਾਸਨ ਮਜ਼ਦੂਰਾਂ ਦੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਮੌਕੇ ਯੂਨੀਅਨ ਦੇ ਆਗੂ ਗੋਬਿੰਦਾ, ਸੁਖਜਿੰਦਰ ਪੁਆਰ, ਸਾਬਕਾ ਸਰਪੰਚ ਇਕਬਾਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly