ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਦੱਸਿਆ ਕਿ 30 ਮਾਰਚ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਬਕਾ (ਈਐਸਐਮ), ਵੀਰ ਨਾਰੀਆਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਲਈ ਹੈਡਕੁਆਰਟਰ 91 ਸਬ ਏਰੀਆ ਅਤੇ ਹੈਡਕੁਆਰਟਰ 11 ਕੋਰ, ਜਲੰਧਰ ਦੀ ਸਰਪ੍ਰਸਤੀ ਵਿਚ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ਵਿਚ ਇਕ ਸਾਬਕਾ ਸੈਨਿਕ ਰੈਲੀ ਕੀਤੀ ਜਾਵੇਗੀ। ਉਹ ਅੱਜ ਰੈਲੀ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਤਿਆਰੀਆਂ ਹੁਣ ਤੋਂ ਸ਼ੁਰੂ ਕਰ ਦਿੱਤੀਆਂ ਜਾਣ।ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਉਦੇਸ਼ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨਾ ਹੈ ਅਤੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦਾ ਸਨਮਾਨ ਕਰਨਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਲੀ ਦਾ ਸੰਕਲਪ ‘ਵੀਰਾਂ ਦਾ ਸਨਮਾਨ, ਦੇਸ਼ ਦਾ ਅਭਿਮਾਨ’ ਹੈ ਜੋ ਇਸ ਦੇ ਮੁਲ ਮੰਤਰ ‘ਮਿਲਾਪ, ਸਿਹਤ ਅਤੇ ਸਨਮਾਨ ਅਤੇ ਸਮਾਧਾਨ’ ਦੇ ਅਨੁਸਾਰ ਹੈ। ਇਹ ਰੈਲੀ ਸਾਡੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦਾ ਸਨਮਾਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦੇਵੇਗੀ ਅਤੇ ਉਨ੍ਹਾਂ ਦੀ ਸਿਹਤ ਅਤੇ ਭਲਾਈ ਦੇ ਮਾਣ ਨੂੰ ਯਕੀਨੀ ਬਣਾਉਣ ਲਈ ਸਥਾਈ ਸੰਪਰਕ ਕਾਇਮ ਕਰੇਗੀ। ਉਨ੍ਹਾਂ ਇਸ ਦੌਰਾਨ ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਮੰਡੀ ਬੋਰਡ ਅਫ਼ਸਰ, ਬਿਜਲੀ ਵਿਭਾਗ, ਨਗਰ ਨਿਗਮ, ਪਬਲਿਕ ਹੈਲਥ, ਜ਼ਿਲ੍ਹਾ ਸਿੱਖਿਆ ਅਫ਼ਸਰ, ਪੁਲਿਸ ਵਿਭਾਗ ਤੋਂ ਇਲਾਵਾ ਸਬੰਧਤ ਹੋਰ ਵਿਭਾਗਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਨਿਕਾਸ ਕੁਮਾਰ ਨੇ ਦੱਸਿਆ ਕਿ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ, ਵੀਰ ਨਾਰੀਆਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਸ਼ਾਮਲ ਹੋਣਗੀਆਂ। ਇਸ ਲਈ ਪ੍ਰਬੰਧਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਲੈਫਟੀਨੈਂਟ ਕਰਨਲ ਐਸ.ਪੀ. ਕੁਲਕਰਣੀ, ਐਸ.ਡੀ.ਐਮ ਟਾਂਡਾ ਪੰਕਜ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ, ਡੀ.ਐਸ.ਪੀ. ਸਥਾਨਕ ਮਨਪ੍ਰੀਤ ਸ਼ਿੰਹਮਾਰ, ਲੈਫਟੀਨੈਂਟ ਜਨਰਲ (ਰਿਟਾ:) ਢਿੱਲੋਂ, ਆਰ.ਟੀ.ਓ. ਰਜਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj