ਗੜ੍ਹਸ਼ੰਕਰ , (ਸਮਾਜ ਵੀਕਲੀ) (ਬਲਵੀਰ ਚੌਪੜਾ) ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਵਿੱਚ ਦੌਰਾਨ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਲਈ ਕੀਤੀ ਜਾ ਰਹੀ ਰੈਲੀ ਅਤੇ ਵਿਧਾਨ ਸਭਾ ਦੇ ਘਿਰਾਓ ਲਈ ਗੜ੍ਹਸ਼ੰਕਰ ਅਤੇ ਮਾਹਿਲਪੁਰ ਤੋਂ ਡੀਐਮਐਫ ਦੇ ਝੰਡੇ ਹੇਠ ਮੁਲਾਜ਼ਮ ਆਗੂਆਂ ਸੁਖਦੇਵ ਡਾਨਸੀਵਾਲ, ਕਰਨੈਲ ਸਿੰਘ ਮਾਹਿਲਪੁਰ ਅਤੇ ਸ਼ੁਸ਼ਮਾ ਪਾਲਦੀ ਦੀ ਅਗਵਾਈ ਹੇਠ ਮਾਣ ਭੱਤਾ ਵਰਕਰਾਂ ਅਤੇ ਮੁਲਾਜ਼ਮਾਂ ਦਾ ਜੱਥਾ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀਐਮਐਫ ਆਗੂਆ ਹੰਸਰਾਜ ਗੜ੍ਹਸ਼ੰਕਰ ਅਜੇ ਕੁਮਾਰ,ਸਤਪਾਲ ਕਲੇਰ,ਸਤਨਾਮ ਸਿੰਘ ਨੇ ਕਿਹਾ ਕਿਪੰਜਾਬ ਸਰਕਾਰ ਵੱਲੋਂ ਅਜੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਦੂਜਾ ਭਾਗ ਠੰਡੇ ਬਸਤੇ ਵਿੱਚ ਪਾਇਆ ਹੋਇਆ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕਰ ਦਿੱਤੀ ਗਈ ਹੈ। ਡੀ.ਟੀ.ਐਫ ਆਗੂ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ,ਅਮਰਜੀਤ ਬੰਗੜ,ਗੁਰਮੇਲ ਸਿੰਘ,ਮਨਦੀਪ ਸਿੰਘ, ਇੰਦਰਜੀਤ ਕੌਰ, ਉਰਮਲਾ ਦੇਵੀ, ਊਸ਼ਾ,ਜਸਵਿੰਦਰ ਕੌਰ,ਮੋਨਿਕਾ,ਊਸ਼ਾ ਰਾਣੀ, ਹਰਜੀਤ ਕੌਰ,ਸੁਰਜੀਤ ਕੌਰ ਨੇ ਆਖਿਆ ਕਿ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਦੁਗਣੇ ਕਰਨ ਦੇ ਆਪਣੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ,ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਕੇ ਹੁਣ ਇਸਨੂੰ ਕੇਂਦਰ ਸਰਕਾਰ ਨਾਲ ਨੂੜਿਆ ਜਾ ਰਿਹਾ ਹੈ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਨਿਗੂਣੀ ਜਿਹੀ ਤਨਖਾਹ ਵਧਾ ਕੇ ਧੋਖਾ ਕੀਤਾ ਹੈ, ਕੋਈ ਵੀ ਪੱਕੇ ਮੁਲਾਜ਼ਮਾਂ ਵਾਲਾ ਲਾਭ ਨਹੀਂ ਦਿੱਤਾ,ਪੇਂਡੂ ਭੱਤਾ ਤੇ ਬਾਰਡਰ ਖੇਤਰ ਭੱਤੇ ਸਮੇਤ ਬਾਕੀ ਭੱਤੇ ਜਾਮ ਕੀਤੇ ਹੋਏ ਨੇ, ਤਨਖਾਹ ਕਮਿਸ਼ਨ ਦੇ 5 ਸਾਲ 6 ਮਹੀਨੇ ਦੇ ਬਕਾਏ ਯਕਮੁਸ਼ਤ ਅਦਾ ਕਰਨ ਦੀ ਬਜਾਏ 42 ਅਤੇ 36 ਮਹੀਨਿਆਂ ਵਿੱਚ ਦੇਣ ਦੀ ਖੋਖਲੀ ਨੀਤੀ ਅਪਣਾਈ ਜਾ ਰਹੀ ਹੈ, ਕੇਂਦਰ ਨਾਲੋਂ 13 ਪ੍ਰਤੀਸ਼ਤ ਮਹਿਗਾਈ ਭੱਤਾ ਘੱਟ ਦੇ ਕੇ ਇਸ ਨੂੰ ਡੀ-ਲਿੰਕ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਈ.ਏ.ਐੱਸ. ਅਫਸਰਾਂ ਨੂੰ ਸਭ ਕੁਝ ਦਿੱਤਾ ਜਾ ਰਿਹਾ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਦੱਬੇ ਹੋਏ ਹਨ, 01.01.2016 ਨੂੰ ਤਨਖਾਹ ਤੇ ਪੈਨਸ਼ਨ ਫ਼ਿਕਸ ਕਰਨ ਸਮੇਂ ਬਣਦੇ 125% ਮਹਿੰਗਾਈ ਭੱਤੇ ਨੂੰ ਆਧਾਰ ਨਹੀਂ ਮੰਨਿਆ ਜਾ ਰਿਹਾ, ਮੁਲਾਜ਼ਮਾਂ ਨੂੰ ਮਿਲ ਰਹੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਸੋਧਣ ਦੇ ਨਾਂ ‘ਤੇ ਬੰਦ ਕਰਕੇ ਰੱਖੇ ਹੋਏ ਹਨ, ਪ੍ਰੋਬੇਸ਼ਨ ਪੀਰੀਅਡ ਦੇ ਨਾਂ ‘ਤੇ ਮੁਢਲੀ ਤਨਖਾਹ ਦੇ ਕੇ ਤਿੰਨ ਸਾਲ ਤੱਕ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਜਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪ ਦਿੱਤੇ ਗਏ ਹਨ ਅਤੇ ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਪਹਿਲਾਂ ਮੁਲਾਜ਼ਮਾਂ ਅਤੇ ਹੁਣ ਪੈਨਸ਼ਨਰਾਂ ਤੋਂ ਵੀ ਵਸੂਲਿਆ ਜਾ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



