ਲੋਕਾਂ ਤੋਂ ਸਮੇਂ-ਸਮੇਂ ਸਿਰ ਲਈ ਜਾਵੇਗੀ ਫੀਡਬੈਕ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਲੋਕ ਮਸਲਿਆਂ ਨੂੰ ਤਰਜ਼ੀਹੀ ਆਧਾਰ ’ਤੇ ਨਿਪਟਾਉਣ ਅਧਿਕਾਰੀ – ਆਸ਼ਿਕਾ ਜੈਨ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਤੋਂ ਸਮੇਂ-ਸਮੇਂ ਸਿਰ ਫੀਡਬੈਕ ਲਈ ਜਾਵੇਗੀ ਤਾਂ ਜੋ ਵਿਕਾਸ ਪ੍ਰੋਜੈਕਟਾਂ ਦੇ ਪੱਧਰ ਤੇ ਵਿਕਾਸ ਕਾਰਜਾਂ ਦੀ ਰਫ਼ਤਾਰ, ਭਲਾਈ ਸਕੀਮਾਂ ਦੇ ਲਾਭ, ਵੱਖ-ਵੱਖ ਖੇਤਰਾਂ ਨਾਲ ਸਬੰਧਤ ਮਸਲਿਆਂ ਅਤੇ ਸਮੱਸਿਆਵਾਂ ਦੇ ਢੁਕਵੇਂ ਹੱਲ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ। ਅਹੁਦਾ ਸੰਭਾਲਣ ਉਪਰੰਤ ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਪਲੇਠੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ, ਨਜਾਇਜ਼ ਕਬਜ਼ਿਆਂ, ਕੂੜੇ ਦੇ ਡੰਪ ਦੀ ਸਮੱਸਿਆ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਮਸਲਿਆਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਆਉਂਦੇ ਦਿਨਾਂ ਵਿਚ ਇਸ ਦਿਸ਼ਾ ਵੱਲ ਅਸਰਦਾਰ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿਚ ਮੁਢਲੀਆਂ ਸਹੂਲਤਾਂ ਦੀ ਲਗਾਤਾਰਤਾ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜ਼ੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਨਾਲ ਸਬੰਧਤ ਲੋਕ ਮਸਲਿਆਂ ਬਾਰੇ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾ ਸਕਦਾ ਹੈ ਜਿਸ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆ ਕੇ ਲੋਕਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵੱਲ ਵੀ ਵਿਸ਼ੇਸ਼ ਤਵੱਜੋੰ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹੋਰ ਵੀ ਵਧੇਰੇ ਸੁਚੱਜੇ ਢੰਗ ਨਾਲ ਪ੍ਰਦਾਨ ਕਰਵਾਈ ਕਾਂ ਸਕੇ। ਉਨ੍ਹਾਂ ਦੱਸਿਆ ਕਿ ਜਿਲੇ ਵਿਚ ਕੁੱਲ 73 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਲਈ ਵੀ ਉਪਰਾਲੇ ਕੀਤੇ ਜਾਣਗੇ । ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਉਨ੍ਹਾਂ ਵਲੋਂ ਲੋਕ ਮਸਲਿਆਂ ਦੇ ਤਰਜ਼ੀਹੀ ਆਧਾਰ ’ਤੇ ਨਿਪਟਾਰਿਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਦਫ਼ਤਰਾਂ ਵਿਚ ਲੋਕਾਂ ਦੇ ਕੰਮ ਤੈਅ ਸਮੇਂ ਵਿਚ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਮੱਸਿਆ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਜਿਸ ਦੇ ਫੌਰੀ ਹੱਲ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਮੁੱਖ ਇਲਾਕਿਆਂ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਕਰਨ ਲਈ ਵੀ ਉਪਰਾਲੇ ਅਮਲ ਵਿਚ ਲਿਆਂਦੇ ਜਾਣਗੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਅਜਿਹੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜੋ ਸਾਲ 2021 ਵਿਚ ਸਥਾਨਕ ਨਗਰ ਨਿਗਮ ਦੇ ਕਮਿਸ਼ਨਰ ਰਹਿ ਚੁੱਕੇ ਹਨ, ਨੇ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਖਿਲਾਫ਼ ਪੂਰੀ ਸਖ਼ਤੀ ਵਰਤੇਗਾ ਅਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਵਿਅਕਤੀਆਂ ਨਾਲ ਕੋਈ ਲਿਹਾਜ਼ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਨਾਗਰਿਕ ਸੇਵਾਵਾਂ ਵੀ ਲੋਕਾਂ ਨੂੰ ਸਹਿਜੇ ਢੰਗ ਅਤੇ ਘੱਟੋ-ਘੱਟ ਸਮੇਂ ਵਿਚ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਪ੍ਰੋਜੈਕਟਾਂ ਅਤੇ ਵਿਕਾਸ ਕਾਰਜਾਂ ਦੇ ਮਿਆਰ ਨੂੰ ਵੀ ਸਮੇਂ-ਸਮੇਂ ਸਿਰ ਚੈਕ ਕੀਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleOMG! ਵੈਲੇਨਟਾਈਨ ਡੇਅ ‘ਤੇ ਪਤੀ ਨੇ ਗਿਫਟ ਕੀਤੀ ਲਗਜ਼ਰੀ ਪੋਰਸ਼ ਕਾਰ, ਪਤਨੀ ਨੇ ਠੁਕਰਾਏ ਤਾਂ ਕਾਰ ਨੂੰ ਕੂੜੇਦਾਨ ‘ਚ ਸੁੱਟ ਦਿੱਤਾ।
Next articleਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈਐਸਟੀਈ ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ