ਮੋਗਾ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ। ਇਥੇ ਗੈਂਗਸਟਰ ਜਿਵੇਂ ਚਾਹੁੰਦੇ ਹਨ, ਉਵੇਂ ਹੀ ਕਰਦੇ ਹਨ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਡੱਕਣ ਵਾਲਾ ਕੋਈ ਨਹੀਂ ਹੈ। ਸ੍ਰੀ ਬਾਦਲ ਨੇ ਕਿਹਾ ਕਿ ਜੇ ‘ਆਪ’ ਸਰਕਾਰ ਲੋਕਾਂ ਨੂੰ ਵਧੀਆ ਸੁੱਖ ਸਹੂਲਤਾਂ ਨਹੀਂ ਦੇ ਸਕਦੀ ਤਾਂ ਘੱਟੋ-ਘੱਟ ਅਮਨ ਕਾਨੂੰਨ ਦੀ ਸਥਿਤੀ ਤਾਂ ਕਾਇਮ ਰੱਖ ਹੀ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲੀਸ ਤੇ ਅਫ਼ਸਰਸ਼ਾਹੀ ਵੀ ਸਰਕਾਰ ਦੇ ਕਹਿਣੇ ਵਿੱਚ ਨਹੀਂ ਹੈ। ਇਥੇ ਮਰਹੂਮ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਨੂੰ ਤਰੱਕੀ ਦੇ ਰਾਹ ਪਾਇਆ ਸੀ। ਇਸ ਮਗਰੋਂ ਕਾਂਗਰਸ ਪਾਰਟੀ ਦੀ ਸਰਕਾਰ ਆਈ ਤੇ ਹੁਣ ਆਮ ਆਦਮੀ ਪਾਰਟੀ ਤਰੱਕੀ ਦੇ ਮਾਮਲੇ ਵਿੱਚ ਸੂਬੇ ਨੂੰ ਦਸ ਸਾਲ ਪਿੱਛੇ ਲੈ ਗਈ ਹੈ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly