- ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)-ਦਿਹਾਤੀ ਤਹਿਤ ਉਸਾਰੇ ਗਏ ਘਰ
ਭੋਪਾਲ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)-ਦਿਹਾਤੀ ਤਹਿਤ ਉਸਾਰੇ ਗਏ 5.21 ਲੱਖ ਘਰਾਂ ਦਾ ਉਦਘਾਟਨ ਕੀਤਾ।
ਇਸ ਸਬੰਧੀ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਗਰੀਬ ਲੋਕਾਂ ਨੂੰ ਘਰ ਮੁਹੱਈਆ ਕਰਾਉਣੇ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੀਐੱਮਏਵਾਈ ਯੋਜਨਾ ਤਹਿਤ ਦੇਸ਼ ਭਰ ਵਿੱਚ 2.5 ਕਰੋੜ ਘਰ ਉਸਾਰੇ ਜਾ ਚੁੱਕੇ ਹਨ ਜਿਨ੍ਹਾਂ ’ਚੋਂ ਦੋ ਕਰੋੜ ਘਰ ਦਿਹਾਤੀ ਇਲਾਕਿਆਂ ’ਚ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਨੇ ਛਤਰਪੁਰ ਤੋਂ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਲ-ਜਲ ਯੋਜਨਾ ਤਹਿਤ ਦੇਸ਼ ਦੇ 6 ਕਰੋੜ ਪਰਿਵਾਰਾਂ ਦੇ ਘਰਾਂ ਤੱਕ ਜਲ ਸਪਲਾਈ ਪਹੁੰਚਾਈ ਗਈ ਹੈ।
ਉਨ੍ਹਾਂ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਸਰਕਾਰ ਨੇ ਦੇਸ਼ ਭਰ ਵਿੱਚ ਚਾਰ ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ ਕਰਕੇ ਅਨਾਜ ਦੀ ਹੋ ਰਹੀ ਚੋਰੀ ਰੋਕੀ ਤੇ ਇਸ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਕਿਹਾ, ‘ਸਾਡੀ ਨੀਤੀ ਇਹ ਹੈ ਕਿ ਕਤਾਰ ’ਚ ਖੜ੍ਹੇ ਹਰ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ।’ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਉਹ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ 12 ਮਹੀਨਿਆਂ ਅੰਦਰ ਦੇਸ਼ ਦੇ ਹਰ ਜ਼ਿਲ੍ਹੇ ’ਚ 75 ‘ਅੰਮ੍ਰਿਤ ਸਰੋਵਰ’ (ਤਲਾਅ) ਉਸਾਰਨ ਦਾ ਅਹਿਦ ਲੈਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly