ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਇਹ ਵੱਖ-ਵੱਖ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵਾਲੇ ਭਾਰਤ ਦੇ ਡਿਜੀਟਲ ਪਰਿਵਰਤਨ ਦੀ ਨੀਂਹ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂ.ਆਈ.ਡੀ.ਏ.ਆਈ. ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਸਾਲ ਤੋਂ ਘੱਟ ਉਮਰ ਦੇ 47,269 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ। ਇਸ ਤੋਂ ਇਲਾਵਾ, 5 ਤੋਂ 15 ਸਾਲ ਦੀ ਉਮਰ ਦੇ 1,35,966 ਬੱਚਿਆਂ ਲਈ ਲਾਜ਼ਮੀ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਤਾਂ ਜੋ ਭਵਿੱਖ ਵਿੱਚ ਆਧਾਰ ਅੱਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ।
ਜਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਵਿੱਚ 3-4 ਆਧਾਰ ਕਾਊਂਟਰ ਵੀ ਮੌਜੂਦ ਹਨ। ਟਾਂਡਾ, ਦਸੂਹਾ, ਗੜ੍ਹਸ਼ੰਕਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰਾਂ ਵਿੱਚ ਐਤਵਾਰ ਨੂੰ ਵੀ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly