- ‘ਯੂਨੀਅਨਾਂ ਨੇ ਚਰਚਾ ਦੀ ਬਜਾਇ ਹਮੇਸ਼ਾਂ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕੀਤੀ’
ਨਵੀਂ ਦਿੱਲੀ, (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਸੰਸਦ ਵੱਲੋਂ ਪਿਛਲੇ ਵਰ੍ਹੇ ਸਤੰਬਰ ਮਹੀਨੇ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਸਬੰਧੀ ਮੁੱਦਿਆਂ ਦੇ ਹੱਲ ਲਈ ਮੁਜ਼ਾਹਰਾ ਕਰ ਰਹੀਆਂ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਲਈ ਸਰਕਾਰ ਹਮੇਸ਼ਾਂ ਤਿਆਰ ਰਹੇਗੀ। ਲੋਕ ਸਭਾ ਵਿੱਚ ਕਿਸਾਨਾਂ ਦੇ ਮੁਜ਼ਾਹਰੇ ਸਬੰਧੀ ਪੁੱਛੇ ਕਈ ਸੁਆਲਾਂ ਦੇ ਲਿਖਤੀ ਜੁਆਬ ਦਿੰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਰੋਸ ਪ੍ਰਗਟਾ ਰਹੀਆਂ ਕਿਸਾਨ ਯੂਨੀਅਨਾਂ ਨਾਲ ਸਰਕਾਰ ਨੇ ਹੁਣ ਤੱਕ 11 ਮੀਟਿੰਗਾਂ ਕੀਤੀਆਂ ਹਨ।
ਉਨ੍ਹਾਂ ਕਿਹਾ,‘ਸਰਕਾਰ ਕਿਸਾਨ ਯੂਨੀਅਨਾਂ ਨਾਲ ਮੁੱਦਿਆਂ ਦੇ ਹੱਲ ਲਈ ਗੰਭੀਰ, ਸੰਵੇਦਨਸ਼ੀਲ ਤੇ ਭਖਵੀਂ ਗੱਲਬਾਤ ਕਰਦੀ ਰਹੀ ਹੈ। ਗੱਲਬਾਤ ਦੇ ਵੱਖ-ਵੱਖ ਦੌਰਾਂ ਦੌਰਾਨ ਸਰਕਾਰ ਨੇ ਲਗਾਤਾਰ ਕਿਸਾਨ ਯੂਨੀਅਨਾਂ ਨੂੰ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਗੱਲਬਾਤ ਕਰਨ ਦੀ ਬੇਨਤੀ ਕੀਤੀ ਤਾਂ ਕਿ ਜੇਕਰ ਕਿਸੇ ਵਿਵਸਥਾ ਸਬੰਧੀ ਕੋਈ ਇਤਰਾਜ਼ ਹੈ ਤਾਂ ਇਸ ਨੂੰ ਦੂਰ ਕਰਨ ਲਈ ਪਹਿਲ ਕੀਤੀ ਜਾ ਸਕੇ, ਪਰ ਯੂਨੀਅਨਾਂ ਨੇ ਹਮੇਸ਼ਾਂ ਖੇਤੀ ਕਾਨੂੰਨ ਵਾਪਸ ਕਰਨ ਦੀ ਮੰਗ ਕੀਤੀ ਹੈ। ਸਰਕਾਰ ਕਿਸਾਨ ਯੂਨੀਅਨਾਂ ਨਾਲ ਚਰਚਾ ਲਈ ਹਮੇਸ਼ਾ ਤਿਆਰ ਰਹੀ ਹੈ ਤੇ ਮਸਲੇ ਦੇ ਹੱਲ ਲਈ ਮੁਜ਼ਾਹਰਾਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਰਹੇਗੀ।’
ਖੇਤੀਬਾੜੀ ਮੰਤਰੀ ਸ੍ਰੀ ਤੋਮਰ ਨੇ ਕਿਹਾ,‘ਸਰਕਾਰ ਨੇ ਇੱਕ ਛੋਟਾ ਸਮੂਹ ਬਣਾਉਣ ਦੀ ਤਜਵੀਜ਼ ਵੀ ਦਿੱਤੀ ਜਿਸ ਵਿੱਚ ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧੀ ਸ਼ਾਮਲ ਹੋਣ, ਜੋ ਨਿਰਧਾਰਤ ਸਮੇਂ ਵਿੱਚ ਖੇਤੀ ਕਾਨੂੰਨਾਂ ਦੀਆਂ ਮੱਦਾਂ ਅਤੇ ਕਿਸਾਨਾਂ ਨਾਲ ਸਬੰਧਤ ਹੋਰ ਮਾਮਲਿਆਂ ’ਤੇ ਵੀ ਚਰਚਾ ਕਰ ਸਕਣ ਜਿਸ ਲਈ ਯੂਨੀਅਨਾਂ ਨੇ ਸਹਿਮਤੀ ਨਹੀਂ ਪ੍ਰਗਟਾਈ।’ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹਾ ਮਾਹੌਲ ਸਿਰਜਣ ਲਈ ਬਣਾਏ ਗਏ ਹਨ ਜਿਸ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਆਜ਼ਾਦੀ ਮਿਲੇਗੀ ਜਿਸ ਨਾਲ ਮੁਕਾਬਲੇਬਾਜ਼ੀ ਰਾਹੀਂ ਉਨ੍ਹਾਂ ਨੂੰ ਚੰਗੀਆਂ ਕੀਮਤਾਂ ਵੀ ਮਿਲ ਸਕਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly