ਨਵੀਂ ਦਿੱਲੀ (ਸਮਾਜ ਵੀਕਲੀ):ਖੇਤੀ ਸੁਧਾਰ ਕਾਨੂੰਨਾਂ ਦੀ ਵਾਪਸੀ ਬਾਰੇ ਬਿੱਲ ’ਤੇ ਸੰਸਦ ’ਚ ਬਹਿਸ ਦੀ ਇਜਾਜ਼ਤ ਨਾ ਦੇਣ ਦੇ ਵਿਰੋਧੀ ਧਿਰਾਂ ਵੱਲੋਂ ਲਾਏ ਗਏ ਦੋਸ਼ਾਂ ’ਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਹੈ ਕਿ ਇਸ ਮੁੱਦੇ ਤੇ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਕਾਰ ਸਰਬਸੰਮਤੀ ਸੀ ਅਤੇ ਵਿਰੋਧੀ ਧਿਰਾਂ ਵੀ ਚਾਹੁੰਦੀਆਂ ਸਨ ਕਿ ਕਾਨੂੰਨ ਰੱਦ ਕੀਤੇ ਜਾਣ। ਸੰਸਦ ਦੇ ਦੋਵੇਂ ਸਦਨਾਂ ’ਚ ਬਿੱਲ ਪਾਸ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਲੋਕ ਸਭਾ ’ਚ ਬਿੱਲ ਬਾਰੇ ਵਿਚਾਰ ਵਟਾਂਦਰਾ ਸ਼ੁਰੂ ਹੋ ਸਕਦਾ ਸੀ ਪਰ ਵਿਰੋਧੀ ਧਿਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਵਾਅਦਾ ਪੁਗਾਉਂਦਿਆਂ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਹੀ ਬਿੱਲ ਪਾਸ ਕਰਵਾ ਦਿੱਤਾ ਹੈ। ਰੱਦ ਹੋਣ ਦੇ ਬਾਵਜੂਦ ਕਾਨੂੰਨਾਂ ਦੀ ਹਮਾਇਤ ਕਰਦਿਆਂ ਤੋਮਰ ਨੇ ਕਿਹਾ ਕਿ ਇਹ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਗਏ ਸਨ ਪਰ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਸਮਝਾਉਣ ’ਚ ਨਾਕਾਮ ਰਹੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly