ਨਵੀਂ ਦਿੱਲੀ (ਸਮਾਜ ਵੀਕਲੀ): ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਹੁਣ ਜਦੋਂ ਅੱਠਵੇਂ ਮਹੀਨੇ ’ਚ ਦਾਖ਼ਲ ਹੋ ਗਿਆ ਹੈ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਮੱਦਾਂ ’ਤੇ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਲਈ ਤਿਆਰ ਹੈ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੁਣ ਤੱਕ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਆਖਰੀ ਵਾਰਤਾ 22 ਜਨਵਰੀ ਨੂੰ ਹੋਈ ਸੀ।
ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਵਾਪਰੀਆਂ ਘਟਨਾਵਾਂ ਮਗਰੋਂ ਵਾਰਤਾ ’ਚ ਖੜੋਤ ਆ ਗਈ ਸੀ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਫਸਲਾਂ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਉਂਜ ਸੁਪਰੀਮ ਕੋਰਟ ਨੇ ਤਿੰਨੋਂ ਖੇਤੀ ਕਾਨੂੰਨਾਂ ਦੇ ਅਮਲ ’ਤੇ ਅਗਲੇ ਹੁਕਮਾਂ ਤੱਕ ਰੋਕ ਲਾਈ ਹੋਈ ਹੈ ਅਤੇ ਕਮੇਟੀ ਬਣਾ ਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਸੀ ਜਿਸ ਨੇ ਆਪਣੀ ਰਿਪੋਰਟ ਜਮ੍ਹਾਂ ਕਰਵਾ ਦਿੱਤੀ ਹੈ।
ਸ੍ਰੀ ਤੋਮਰ ਨੇ ਟਵੀਟ ਕਰਕੇ ਕਿਹਾ,‘‘ਮੈਂ ਮੀਡੀਆ ਰਾਹੀਂ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਕਿਸਾਨ ਆਪਣਾ ਅੰਦੋਲਨ ਖ਼ਤਮ ਕਰਨ। ਮੁਲਕ ਦੇ ਕਈ ਕਿਸਾਨ ਨਵੇਂ ਕਾਨੂੰਨਾਂ ਦੇ ਪੱਖ ’ਚ ਹਨ। ਫਿਰ ਵੀ ਜੇਕਰ ਕੁਝ ਕਿਸਾਨਾਂ ਨੂੰ ਕਾਨੂੰਨਾਂ ਨੂੰ ਲੈ ਕੇ ਕੋਈ ਮਸਲਾ ਹੈ ਤਾਂ ਭਾਰਤ ਸਰਕਾਰ ਉਨ੍ਹਾਂ ਨੂੰ ਸੁਣਨ ਅਤੇ ਮੱਦਾਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ।’’ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਕੀਤੀ ਹੈ ਅਤੇ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦੇ ਨਾਲ ਨਾਲ ਵਧੇਰੇ ਫਸਲਾਂ ਐੱਮਐੱਸਪੀ ’ਤੇ ਖ਼ਰੀਦੀਆਂ ਜਾ ਰਹੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly