ਅੰਮ੍ਰਿਤਸਰ (ਸਮਾਜ ਵੀਕਲੀ): ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਦਿਆਂ ਇੱਥੋਂ ਦੇ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਦੇ ਹਿੱਤਾਂ ਦੇ ਮੱਦੇਨਜ਼ਰ ਸੀਮਾ ਸੁਰੱਖਿਆ ਬਲ ਦਾ ਸਹਿਯੋਗੀ ਬਣਨ ਲਈ ਪ੍ਰੇਰਿਆ ਹੈ। ਉਨ੍ਹਾਂ ਅੱਜ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨ ਤਾਰਨ ਨਾਲ ਸਬੰਧਤ ਅਹਿਮ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕੀਤੀਆਂ।
ਮੀਟਿੰਗਾਂ ਵਿੱਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਤ ਕੌਮੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਮੁੱਖ ਮੁੱਦੇ ਵਿਚਾਰੇ ਗਏ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਰਾਜਪਾਲ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਪੰਚਾਂ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਵੀ ਮੀਟਿੰਗ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਿਆ ਜਾ ਰਿਹਾ ਹੈ, ਜਿਸ ਤੋਂ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ’ਤੇ ਉਪਲੱਬਧ ਖੁਫ਼ੀਆ ਜਾਣਕਾਰੀ ਅਤੇ ਲੋਕਾਂ ਦਾ ਸਹਿਯੋਗ ਸੂਬੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਮਦ ਰੋਕਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਖਤਰੇ ਦਾ ਸ਼ਿਕਾਰ ਹਨ, ਇਸ ਲਈ ਲਾਜ਼ਮੀ ਹੈ ਕਿ ਸੂਬੇ ਅਤੇ ਦੇਸ਼ ਦੀ ਸੁਰੱਖਿਆ ਦੇ ਹਿੱਤ ਵਿੱਚ ਲੋਕ ਸੀਮਾ ਸੁਰੱਖਿਆ ਬਲ ਅਤੇ ਸੂਬਾ ਪੁਲੀਸ ਨੂੰ ਪੂਰਾ ਸਹਿਯੋਗ ਦੇਣ।
ਗੁਰਦਾਸਪੁਰ (ਜਤਿੰਦਰ ਬੈਂਸ): ਇਸੇ ਤਰ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਬਾਰੇ ਵੱਖ-ਵੱਖ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਸੂਬੇ ਅਤੇ ਦੇਸ਼ ਦੀ ਸੁਰੱਖਿਆ ਹਿੱਤ ਸੀਮਾ ਸੁਰੱਖਿਆ ਬਲਾਂ ਅਤੇ ਸੂਬੇ ਦੀ ਪੁਲੀਸ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਵੀ ਆਪਣੇ ਖੇਤਰ ਵਿੱਚ ਕਿਸੇ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਪਤਾ ਲੱਗਦਾ ਹੈ ਤਾਂ ਉਹ ਇਸ ਸਬੰਧੀ ਸੂਚਨਾ ਤੁਰੰਤ ਪੁਲੀਸ ਨੂੰ ਦੇਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly