ਗੁਰਦੁਆਰਾ ਗੁਰੂ ਨਾਨਕ ਦਰਬਾਰ, ਮੌਂਟਰੀਅਲ (ਕੈਨੇਡਾ) ਵਿਖੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਦੀ ਪੁਸਤਕ “ਸਿੱਦਕੀ ਤੇ ਸੰਘਰਸ਼ੀ” ਹੋਈ ਰਿਲੀਜ਼
ਮੌਂਟਰੀਅਲ (ਕੈਨੇਡਾ) (ਸਮਾਜ ਵੀਕਲੀ) ਰਸ਼ਪਿੰਦਰ ਕੌਰ ਗਿੱਲ:- ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਅਤੇ ਸਮੂਹ ਕੌਮੀ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹੀਨਾਵਾਰੀ ਪੰਥਕ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ, ਮੌਂਟਰੀਅਲ (ਕੈਨੇਡਾ) ਵਿਖੇ ਸ਼ਰਧਾ ਅਤੇ ਚੜ੍ਹਦੀਕਲਾ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਨਾਲ ਹੋਈ। ਉਪਰੰਤ ਸਮੂਹ ਸੰਗਤ ਵੱਲੋਂ ਬੰਦੀ ਸਿੰਘਾਂ ਦੀ ਜਲਦ ਰਿਹਾਈ, ਪੰਥਕ ਏਕਤਾ, ਸਰਬੱਤ ਦੇ ਭਲੇ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਪੰਥਕ ਲੇਖਕ ਅਤੇ ਸੰਘਰਸ਼ਸ਼ੀਲ ਸਿੱਖ ਸ਼ਖਸੀਅਤ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ (ਯੂ.ਕੇ.) ਦੀ ਨਵੀਂ ਪੁਸਤਕ “ਸਿੱਦਕੀ ਤੇ ਸੰਘਰਸ਼ੀ” ਨੂੰ ਪੰਥਕ ਸ਼ਖਸੀਅਤਾਂ ਵੱਲੋਂ ਸੰਗਤਾਂ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਇਹ ਪੁਸਤਕ ਸਿੱਖ ਕੌਮ ਦੇ ਸਿਦਕ, ਸੰਘਰਸ਼ ਅਤੇ ਸ਼ਹਾਦਤਾਂ ਦੇ ਇਤਿਹਾਸ ਨੂੰ ਸਮਰਪਿਤ ਇੱਕ ਮਹੱਤਵਪੂਰਨ ਸਾਹਿਤਕ ਯੋਗਦਾਨ ਹੈ, ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਇਤਿਹਾਸ ਅਤੇ ਪੰਥਕ ਸੰਘਰਸ਼ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਪੁਸਤਕ ਦੀ ਸੰਪਾਦਕ ਰਸ਼ਪਿੰਦਰ ਕੌਰ ਗਿੱਲ ਹਨ ਅਤੇ ਇਸ ਨੂੰ ਪੀਂਘਾਂ ਸੋਚ ਦੀਆਂ ਪਬਲੀਕੇਸ਼ਨ, ਅੰਮ੍ਰਿਤਸਰ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਦੀਆਂ ਪੁਸਤਕਾਂ “ਸੰਘਰਸ਼ ਦਾ ਦੌਰ” ਅਤੇ “ਸਿੱਦਕੀ ਤੇ ਸੰਘਰਸ਼ੀ” ਵਿੱਚ 1984 ਤੋਂ ਲੈ ਕੇ ਹੁਣ ਤੱਕ ਸ਼ਹੀਦ ਹੋਏ ਜੁਝਾਰੂ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਦਰਸਾਇਆ ਗਿਆ ਹੈ। ਲੇਖਕ ਅਨੁਸਾਰ, ਇਹ ਪੁਸਤਕਾਂ ਭਾਰਤ ਸਟੇਟ ਲਈ ਵਿਵਾਦ ਦਾ ਵਿਸ਼ਾ ਵੀ ਬਣੀਆਂ ਹਨ ਅਤੇ ਦਾਅਵਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੈਮੀਨਾਰਾਂ ਵਿੱਚ ਇਨ੍ਹਾਂ ਦੀ ਵੰਡ ਉੱਤੇ ਪਾਬੰਦੀ ਵੀ ਲਗਾਈ ਗਈ ਹੈ। ਸਮਾਗਮ ਦੇ ਅੰਤ ਵਿੱਚ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਸਮੂਹ ਸ਼ਹੀਦਾਂ ਦੀ ਸੋਚ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਖਾਲਸਾ ਪੰਥ ਹਮੇਸ਼ਾਂ ਚੜ੍ਹਦੀਕਲਾ ਵਿੱਚ ਰਹੇ। ਇਸ ਮੌਕੇ ਭਾਈ ਜਸਵਿੰਦਰ ਸਿੰਘ (ਮੁੱਖ ਸੇਵਾਦਾਰ), ਭਾਈ ਬਲਰਾਜ ਸਿੰਘ, ਭਾਈ ਸੁਖਵਿੰਦਰ ਸਿੰਘ ਥਾਂਧੀ, ਭਾਈ ਪ੍ਰਦੀਪ ਸਿੰਘ, ਭਾਈ ਸੰਦੀਪ ਸਿੰਘ, ਭਾਈ ਜਸਪਾਲ ਸਿੰਘ, ਭਾਈ ਹਰਪਿੰਦਰ ਸਿੰਘ, ਸਰਦਾਰ ਭੁਪਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਨਦੀਪ ਸਿੰਘ, ਚਰਨਜੀਤ ਸਿੰਘ ਸੁੱਜੋਂ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





