ਲੁਧਿਆਣਾ/ਗੁਰੂਸਰ ਸੁਧਾਰ (ਸਮਾਜ ਵੀਕਲੀ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਉਨ੍ਹਾਂ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਚ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ।
ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ ’ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਐਲਾਨ ਕੀਤਾ। ਮੰਤਰੀ ਨੇ ਆਪਣੇ ਅਖ਼ਤਿਆਰੀ ਫੰਡਾਂ ਵਿੱਚੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਸ੍ਰੀ ਵੜਿੰਗ ਨੇ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਕੋਸ਼ਿਸ਼ ਕਰਨਗੇ। ਕੈਪਟਨ ਸੰਧੂ ਨੇ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਅਤੇ ਦਾਖਾ ਬੱਸ ਸਟੈਂਡ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।
ਉਪਰੰਤ ਕੈਬਨਿਟ ਮੰਤਰੀ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ (ਦਿਹਾਤੀ) ਦੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਆਦਿ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly