ਚੰਡੀਗੜ੍ਹ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਗਿਆ ਹੈ। ਪਾਰਟੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ ਪਰ ਚੜੂਨੀ ਖੁਦ ਚੋਣ ਨਹੀਂ ਲੜਨਗੇ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੜੂਨੀ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਦੂਸ਼ਿਤ ਹੋ ਚੁੱਕੀ ਹੈ ਅਤੇ ਉਸ ਨੂੰ ਬਦਲਣ ਦੀ ਲੋੜ ਹੈ। ਰਾਜਨੀਤੀ ਨੂੰ ਸ਼ੁੱਧ ਕਰਨ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਉਣਾ ਹੋਵੇਗਾ। ਸ੍ਰੀ ਚੜੂਨੀ ਨੇ ਰਛਪਾਲ ਸਿੰਘ ਜੋੜੇਮਾਜਰਾ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸੰਘਰਸ਼ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰੇਗੀ।
ਸਿਆਸੀ ਆਗੂਆਂ ਦੀ ਨਿੰਦਾ ਕਰਦਿਆਂ ਚੜੂਨੀ ਨੇ ਕਿਹਾ ਕਿ ਉਨ੍ਹਾਂ ਗਰੀਬਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਸਰਮਾਏਦਾਰਾਂ ਦੇ ਹੱਕ ਵਿੱਚ ਨੀਤੀਆਂ ਘੜੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਦੇਸ਼ ਦੇ 97 ਫ਼ੀਸਦ ਲੋਕਾਂ ਦੀ ਆਮਦਨ ਘਟੀ ਹੈ ਜਦੋਂ ਕਿ ਸਿਰਫ਼ 3 ਫ਼ੀਸਦ ਲੋਕਾਂ ਦੀ ਆਮਦਨ ਵਧੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿੱਖਿਆ ਅਤੇ ਸਿਹਤ ਮਹਿੰਗੀ ਹੋਣ ਕਾਰਨ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਇਸ ਨੂੰ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। ਸਮਾਜ ਵਿੱਚ ਫੈਲੀ ਅਜਿਹੀ ਲੁੱਟ ਨੂੰ ਚੰਗੇ ਲੋਕਾਂ ਦੀ ਮਦਦ ਨਾਲ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਕੋਲ ਕੋਈ ਕੰਮਕਾਰ ਨਹੀਂ ਹੈ। ਇਸ ਲਈ ਪਾਰਟੀ ਕੋਸ਼ਿਸ਼ ਕਰੇਗੀ ਕਿ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਸੂਬੇ ਵਿੱਚ ਅਫ਼ੀਮ ਦੀ ਖੇਤੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਫ਼ੀਮ ਦੀ ਖੇਤੀ ਨਾਲ ਸਿੰਥੈਟਿਕ ਨਸ਼ੇ ਖਤਮ ਕੀਤੇ ਜਾ ਸਕਦੇ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਨੌਜਵਾਨ ਦੀ ਦਲੇਰੀ ਕਾਰਨ ਕੇਂਦਰ ਸਰਕਾਰ ਝੁਕਣ ਲਈ ਮਜਬੂਰ ਹੋ ਗਈ।
ਇਸ ਲਈ ਜੇਕਰ ਉਨ੍ਹਾਂ ਦੀ ਪਾਰਟੀ ਚੋਣਾਂ ਜਿੱਤਦੀ ਹੈ ਤਾਂ ਨੌਜਵਾਨ ਹੀ ਲੋਕ ਪੱਖੀ ਕਾਨੂੰਨ ਬਣਾਉਣਗੇ। ਇਸ ਮੌਕੇ ਡਾ. ਸ਼ੈਲੀ, ਰਾਜੂ, ਹਿੰਦੂ ਮਹਾ ਸਭਾ ਤੋਂ ਇੰਦਰਾ ਤਿਵਾੜੀ, ਕਾਂਤਾ ਅਲਵੀ ਪੰਜਾਬ ਇੰਚਾਰਜ ਵੀ ਹਾਜ਼ਰ ਸਨ। ਰਛਪਾਲ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਵੱਖ-ਵੱਖ ਰਾਜਸੀ ਪਾਰਟੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ ਅਤੇ ਲੋਕ ਵਿਰੋਧੀ ਰਾਜਨੀਤੀ ਨੂੰ ਰਾਜਨੀਤੀ ਨਾਲ ਹੀ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲੋਕ ਵਿਰੋਧੀ ਹਨ ਅਤੇ ਕਿਸੇ ਨੂੰ ਵੀ ਹਮਾਇਤ ਨਹੀਂ ਦਿੱਤੀ ਜਾ ਸਕਦੀ ਹੈ। ਇਸ ਲਈ ਸਾਰਿਆਂ ਨੇ ਪੰਜਾਬ ਵਿੱਚ ਵੱਖਰੀ ਪਾਰਟੀ ਬਣਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸੰਘਰਸ਼ ਪਾਰਟੀ ਨੇ ਰੋਡ ਮੈਪ ਤਿਆਰ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਬਦਲਾਅ ਲਿਆਂਦਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly