ਜਲੰਧਰ, ਫਿਲੌਰ, ਅੱਪਰਾ (ਜੱਸੀ)-ਭਾਰਤੀ ਕਿਸਾਨ ਯੂਨੀਅਨ ਦੀ ਇੱਕ ਅਹਿਮ ਤੇ ਹੰਗਾਮੀ ਮੀਟਿੰਗ ਜਿਲਾ ਜਲੰਧਰ ਦੇ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬੋਲਦਿਆਂ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਨਵੇਂ ਮਾਪਦੰਡ ਜਾਰੀ ਕੀਤੇ ਗਏ ਹਨ ਕਿ ਡਿਸ ਕਲਰ ਝੋਨਾ ਨਹੀਂ ਖਰੀਦਿਆ ਜਾਵੇਗਾ ਤੇ ਜੇਕਰ ਵੱਧ ਨਮੀ ਵਾਲੇ ਝੋਨੇ ਦੀ ਭਰਾਈ ਹੁੰਦੀ ਹੈ ਤਾਂ ਸੰਬੰਧਿਤ ਆੜਤੀਏ ਤੇ ਵੀ ਪਰਚਾ ਦਰਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਸਦਾ ਸਖਤ ਵਿਰੋਧ ਕਰਦੀ ਹੈ। ਉਨਾਂ ਅੱਗੇ ਕਿਹਾ ਕਿ ਇਨਾਂ ਸ਼ਰਤਾਂ ਦੇ ਨਾਲ ਕਿਸਾਨਾਂ ਦਾ ਬਹੁਤ ਆਰਥਿਕ ਨੁਕਸਾਨ ਹੋਵੇਗਾ। ਹੜਾਂ ਦੇ ਕਾਰਣ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਝੱਲ ਰਿਹਾ ਹੈ, ਉਪਰੋਂ ਸਰਕਾਰਾਂ ਦੀ ਬੇਰੁਖੀ ਕਿਸਾਨ ਵੀਰਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ ਹੈ। ਹੜਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੀ ਵੀ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਉਲਟਾ ਝੋਨੇ ਦੀ ਫਸਲ ਦੀ ਖਰੀਦ ਲਈ ਨਵੇਂ ਮਾਪਦੰਡ ਜਾਰੀ ਕਰ ਦਿੱਤੇ ਗਏ ਹਨ, ਜਿਸਦਾ ਕਿਸਾਨ ਯੂਨੀਅਨ ਡੱਟ ਕੇ ਵਿਰੋਧ ਕਰਦੀ ਹੈ ਤੇ ਹਮੇਸ਼ਾ ਦੀ ਤਰਾਂ ਕਿਸਾਨਾਂ ਦੇ ਨਾਲ ਖੜੀ ਹੈ। ਇਸ ਮੌਕੇ ਸਮੂਹ ਅਹੁਦੇਦਾਰ ਤੇ ਕਿਸਾਨ ਵੀਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly