HOME ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ...

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡਾਇਰੈਕਟਰ ਡਾ. ਹਤਿੰਦਰ ਕੌਰ

4
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਈ ਜਾਵੇ
– ਡੇਂਗੂ ਦੀ ਰੋਕਥਾਮ ਲਈ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਦੀ ਲੋੜ ‘ਤੇ ਦਿੱਤਾ ਜਾਵੇ ਜ਼ੋਰ 
– ਜੱਚਾ ਤੇ ਬੱਚਾ ਵਾਰਡ ਵਿੱਚ ਗਰਭਵਤੀ ਔਰਤਾਂ ਦਾ ਹਾਲਚਾਲ ਪੁੱਛਿਆ
– ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸਮੁੱਚੇ ਸਟਾਫ ਵੱਲੋਂ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ
– ਡਾਇਰੈਕਟਰ ਸਿਹਤ ਸੇਵਾਵਾਂ ਵੱਲੋ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਅਚਨਚੇਤ ਦੌਰਾ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ)  : ਮਾਣਯੋਗ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਤਿੰਦਰ ਕੌਰ ਜੀ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਹਤ ਪ੍ਰਬੰਧਾਂ ਨੂੰ ਦੇਖਿਆ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਤੇ ਜੱਚਾ ਤੇ ਬੱਚਾ ਵਾਰਡ ਵਿੱਚ ਗਰਭਵਤੀ ਔਰਤਾਂ ਦਾ ਹਾਲਚਾਲ ਪੁੱਛਿਆ ਜਿਹਨਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸੇ ਦੌਰਾਨ ਉਨ੍ਹਾਂ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਸਮੇਤ ਸਾਰੇ ਉੱਚ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਕੋਲੋਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਮਰੀਜ਼ਾਂ ਦੀ ਦੇਖਭਾਲ, ਦਵਾਈਆਂ ਦੀ ਉਪਲੱਬਧਤਾ, ਸਾਫ-ਸਫਾਈ ਪ੍ਰਬੰਧਾਂ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਡਾ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦਿਆਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਦਾਇਤਾਂ ਜਾਰੀ ਕਰਦੇ ਹੋਏ ਹਸਪਤਾਲ ਵਿੱਚ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਦਵਾਈਆਂ ਦੀ ਉਪਲਬੱਧਤਾ ਯਕੀਨੀ ਬਣਾਉਣ, ਸਾਫ-ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਕਿਹਾ। ਉਨ੍ਹਾਂ ਡੇੰਗੂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਡੇੰਗੂ ਦੀ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਸਮੇਂ ਰਹਿੰਦਿਆਂ ਘਰ-ਘਰ ਸਰਵੇ ਕਰਨ ਅਤੇ ਕਮਿਊਨਿਟੀ ਤੇ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ ਤੇਜ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਘਰਾਂ ਦੇ ਆਲੇ-ਦੁਆਲੇ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਡਾਇਰੈਕਟਰ ਸਿਹਤ ਸੇਵਾਵਾਂ ਨੇ ਅੰਤ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਹਾਲਾਂਕਿ ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸਮੁੱਚੇ ਸਟਾਫ ਵੱਲੋਂ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਮਨੁੱਖਤਾ ਪ੍ਰਤੀ ਸੇਵਾ, ਸਮਰਪਣ ਅਤੇ ਜ਼ਿੰਮੇਵਾਰੀ ਦੀ ਪ੍ਰੇਰਣਾਦਾਇਕ ਮਿਸਾਲ ਹੈ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਾਸ਼ਟਰਪਤੀ ਟਰੰਪ ਲਈ ਇੱਕ ਵੱਡਾ ਝਟਕਾ, ਅਮਰੀਕੀ ਸੰਘੀ ਅਦਾਲਤ ਨੇ ਗਲੋਬਲ ਟੈਰਿਫ ਐਲਾਨ ਨੂੰ ਰੱਦ ਕਰ ਦਿੱਤਾ।
Next articleਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਅੱਜ ਹੋਣ ਦੀ ਸੰਭਾਵਨਾ, ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ