ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਮਿਲ ਰਹੀ ਹੈ ਨਿਜ਼ਾਤ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਅਕਤੂਬਰ 2023 ਤੋਂ ਸ਼ਹੀਦ ਭਗਤ ਸਿੰਘ ਨਗਰ ਵਿਚ ਮੁਫ਼ਤ ਯੋਗ ਕਲਾਸਾਂ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਚੱਲ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਇਹ ਕਲਾਸਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਨੂੰ ਇਕ ਸੁਪਰਵਾਈਜ਼ਰ ਤੇ ਯੋਗ ਟ੍ਰੇਨਰਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕਾਂ ਦੀ ਮੰਗ ਅਨੁਸਾਰ ਚਲਾਇਆ ਜਾ ਰਿਹਾ ਹੈ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿਚ ਸੁਧਾਰ ਕਰਦੇ ਹੋਏ ਯੋਗ ਦੇ ਫਾਇਦਿਆਂ ਬਾਰੇ ਵੀ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਸ਼ੁਰੂ ਕੀਤੀਆਂ ਯੋਗਾ ਕਲਾਸਾਂ ਵਿਚ ਸ਼ਾਮਿਲ ਹੋਣ ਤੋਂ ਬਾਅਦ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ, ਜਿਸ ਵਿਚ ਯੋਗਾਤਮਕ ਸੂਖਮ ਅਭਿਆਸ, ਆਸਣ, ਪ੍ਰਾਣਾਯਾਮ ਅਤੇ ਧਿਆਨ ਸਿਖਾਇਆ ਜਾਂਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਕਿਰਨ ਬਾਲਾ ਨੇ ਦੱਸਿਆ ਕਿ ਹਰੇਕ ਉਮਰ ਦੇ ਲੋਕ ਇਨ੍ਹਾਂ ਕਲਾਸਾਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਹ ਜੋੜਾਂ ਦੇ ਦਰਦ, ਸ਼ੂਗਰ, ਥਾਇਰਾਇਡ, ਬਲੱਡ ਪ੍ਰੈਸ਼ਰ ਆਦਿ ਕਈ ਬਿਮਾਰੀਆ ਤੋਂ ਰਾਹਤ ਪਾ ਰਹੇ ਹਨ। ਲੋਕਾਂ ਦੁਆਰਾ ਨਿਯਮਿਤ ਤੌਰ ‘ਤੇ ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦੇ ਵਿਚ ਬਹੁਤ ਫਾਇਦਾ ਮਿਲ ਰਿਹਾ ਹੈ ਤੇ ਉਹ ਪਹਿਲਾਂ ਨਾਲੋਂ ਜ਼ਿਆਦਾ ਤੰਦਰੁਸਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਅਹਿਮ ਉਪਰਾਲੇ ਲਈ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj