ਪਾਰਟੀ ਦੀ ਕਾਰਵਾਈ ਕਾਰਨ ਦਿਲ ਟੁੱਟਿਆ ਪਰ ਹੌਸਲਾ ਨਹੀਂ, ਸ਼੍ਰੋਮਣੀ ਕਮੇਟੀ ਦੇ ਸਾਰੇ ਮੈਬਰਾਂ ਨਾਲ ਮੇਰਾ ਰਾਬਤਾ: ਬੀਬੀ ਜਗੀਰ ਕੌਰ

ਸ੍ਰੀ ਆਨੰਦਪੁਰ ਸਾਹਿਬ (ਸਮਾਜ ਵੀਕਲੀ) :ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਹੈ ਕਿ ਉਨ੍ਹਾਂ ਨੇ ਸਾਢੇ ਤਿੰਨ ਦਹਾਕਿਆਂ ਅੰਦਰ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਕੋਈ ਬਿਆਨਬਾਜ਼ੀ ਨਹੀਂ ਕੀਤੀ ਅਤੇ ਪੂਰੀ ਤਰ੍ਹਾਂ ਜ਼ਾਬਤੇ ਵਿੱਚ ਰਹਿ ਕੇ ਪਾਰਟੀ ਦੀ ਸੇਵਾ ਹੀ ਨਹੀਂ ਕੀਤੀ, ਬਲਕਿ ਵਿਰੋਧੀ ਧਿਰਾਂ ਦੇ ਨਾਲ ਲੋਹਾ ਵੀ ਲਿਆ ਹੈ। ਇਸ ਦੇ ਬਾਵਜੂਦ ਜਲਦਬਾਜ਼ੀ ਵਿੱਚ ਆ ਕੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖ਼ਿਲਾਫ਼ ਜੋ ਫ਼ੈਸਲਾ ਲਿਆ ਹੈ ਉਸ ਨਾਲ ਉਨ੍ਹਾਂ ਦੇ ਦਿਲ ਨੂੰ ਸੱਟ ਵੱਜੀ ਹੈ। ਇਸ ਲਈ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਦੀ ਬਜਾਏ ਸਮੁੱਚੇ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰ ਰਹੇ ਹਨ।

ਫੋਨ ’ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਬੀਤੇ ਦਿਨਾਂ ਤੋਂ ਹੀ ਸ਼੍ਰੋਮਣੀ ਕਮੇਟੀ ਦੇ ਹਰ ਸਤਿਕਾਰਯੋਗ ਮੈਂਬਰ ਦੇ ਨਾਲ ਸੰਪਰਕ ਵਿੱਚ ਹਨ ਅਤੇ ਬਿਨਾਂ ਕਿਸੇ ਸਿਆਸੀ ਆਗੂ ਜਾਂ ਹੋਰ ਵਿਖਾਵੇ ਦੇ ਹਰ ਮੈਂਬਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਹੈ ਕਿ ਕਰੀਬ ਸਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਉਨ੍ਹਾਂ ਦਾ ਰਾਬਤਾ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਬਾਰੇ ਉਨ੍ਹਾਂ ਦੇ ਨਾਲ ਹਾਲੇ ਤੱਕ ਸ੍ਰੀ ਲਾਲਪੁਰਾ ਨਾਲ ਕੋਈ ਨਿੱਜੀ ਜਾ ਰਸਮੀ ਬੈਠਕ ਨਹੀਂ ਹੋਈ। ਭਾਰਤੀ ਜਨਤਾ ਪਾਰਟੀ ਵੱਲੋਂ ਦਖਲਅੰਦਾਜ਼ੀ ਕਰਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਦੋਸ਼ਾਂ ਬਾਰੇ ਉਨ੍ਹਾਂ ਨੇ ਕਿਹਾ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਫੋਨ ਆਇਆ ਸੀ ਅਤੇ ਉਨ੍ਹਾਂ ਪ੍ਰਧਾਨਗੀ ਦੀ ਚੋਣ ਲਈ ਮਦਦ ਦੀ ਪੇਸ਼ਕਸ਼ ਵੀ ਕੀਤੀ ਸੀ। ਬੀਬੀ ਜਗੀਰ ਕੌਰ ਨੇ ਇੱਥੋਂ ਤੱਕ ਆਖ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਅੰਦਰ ਉਸ ਦਾ ਬਹੁਮਤ ਨਹੀਂ ਰਿਹਾ ਹੈ ਅਤੇ ਜ਼ਿਆਦਾਤਰ ਮੈਂਬਰ ਉਸ ਦੇ ਖ਼ਿਲਾਫ਼ ਭੁਗਤਣਗੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੰਬਈ ’ਚ ਜ਼ਬਤ 72.5 ਕਿਲੋ ਹੈਰੋਇਨ ਮਾਮਲੇ ਸਬੰਧੀ ਪੰਜਾਬ ਪੁਲੀਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ: ਡੀਜੀਪੀ
Next articleਅਮਰੀਕਾ ਦੀ ਜਮਹੂਰੀਅਤ ਖ਼ਤਰੇ ’ਚ: ਬਾਇਡਨ