ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਅਤੇ ਹਰਿਆਣਾ ਦੇ ਕਾਫ਼ੀ ਜ਼ਿਲ੍ਹਿਆਂ ’ਚ ਲੰਘੇ ਦਿਨ ਤੋਂ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਝੋਨੇ, ਨਰਮੇ ਦੀ ਫ਼ਸਲ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਗੜਿਆਂ ਕਾਰਨ ਖੇਤਾਂ ’ਚ ਪੱਕੀ ਹੋਈ ਫ਼ਸਲ ਜ਼ਮੀਨ ’ਤੇ ਵਿਛ ਗਈ ਤੇ ਦੂਜੇ ਪਾਸੇ ਮੰਡੀਆਂ ’ਚ ਝੋਨਾ ਪਾਣੀ ’ਚ ਰੁੜਦਾ ਦਿਖਾਈ ਦਿੱਤਾ। ਪੰਜਾਬ ’ਚ ਗੜਿਆਂ ਕਾਰਨ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ ਜ਼ਿਲ੍ਹਿਆਂ ’ਚ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਹਾਲੀ ’ਚ ਤੇਜ਼ ਮੀਂਹ ਕਾਰਨ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠ ਪਈ ਫ਼ਸਲ ਡੁੱਬ ਗਈ। ਖੇਤਾਂ ’ਚ ਪੱਕਿਆ ਝੋਨਾ ਵੀ ਪਾਣੀ ’ਚ ਡੁੱਬ ਗਿਆ।
ਉੱਧਰ ਤੇਜ਼ ਹਨੇਰੀ ਕਾਰਨ ਵੀ ਫ਼ਸਲਾਂ ਡਿੱਗ ਗਈਆਂ। ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਝੋਨੇ ਦੀ ਵਾਢੀ ਤੇ ਨਰਮੇ ਦੀ ਚੁਗਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਮੰਡੀਆਂ ਵਿੱਚ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ ਜਿੱਥੇ ਖੁੱਲ੍ਹੇ ਅਸਮਾਨ ਹੇਠ ਫ਼ਸਲ ਪਈ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਵੀ ਡੇਰਾ ਬਾਬਾ ਨਾਨਕ ਵਿਖੇ ਗੜਿਆਂ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਸ੍ਰੀ ਰੰਧਾਵਾਂ ਨੇ ਸੂਬੇ ਦੇ ਗੁਰਦਾਸਪੁਰ ਅਤੇ ਹੋਰਨਾਂ ਥਾਵਾਂ ’ਤੇ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਗੜਿਆਂ ਤੇ ਮੀਂਹ ਕਾਰਨ ਗੁਰਦਾਸਪੁਰ ਜ਼ਿਲ੍ਹੇ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਜਿੱਥੇ ਬਾਸਮਤੀ ਦੀ ਫ਼ਸਲ ਪ੍ਰਭਾਵਿਤ ਹੋ ਗਈ। ਫ਼ਸਲ ਦੇ ਨੁਕਸਾਨ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਨੇ ਵੀ ਵਿਸ਼ੇਸ਼ ਤੌਰ ’ਤੇ ਗਿਰਦਾਵਰੀ ਦੇ ਹੁਕਮ ਦਿੱਤੇ ਹਨ।
ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ ’ਚ ਮੀਂਹ ਕਾਰਨ ਭਾਰੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਜ ਮੀਂਹ ਕਾਰਨ ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਭਵਾਨੀਗੜ੍ਹ ਅਤੇ ਪਟਿਆਲਾ ਦੀਆਂ ਮੰਡੀਆਂ ’ਚ ਪਏ ਝੋਨੇ ਤੇ ਨਰਮੇ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਉੱਧਰ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਂਹ ਅਤੇ ਤੇਜ਼ ਹਨੇਰੀ ਕਾਰਨ ਤਾਪਮਾਨ ਵੀ ਆਮ ਨਾਲੋਂ 7 ਤੋਂ 8 ਡਿਗਰੀ ਹੇਠਾਂ ਡਿੱਗ ਗਿਆ ਹੈ ਜਿਸ ਕਾਰਨ ਠੰਢ ਵੀ ਤੈਅ ਸਮੇਂ ਨਾਲੋਂ ਪਹਿਲਾਂ ਆਉਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ, ਫਤਹਿਗੜ੍ਹ ਸਾਹਿਬ ’ਚ ਸਭ ਤੋਂ ਵੱਧ 27 ਐੱਮਐੱਮ ਮੀਂਹ ਦਰਜ ਕੀਤਾ ਹੈ। ਜਦਕਿ ਮੁਹਾਲੀ ਅਤੇ ਰੋਪੜ ’ਚ 24-24 ਅਤੇ ਸੰਗਰੂਰ ’ਚ 18 ਐੱਮਐੱਮ ਮੀਂਹ ਦਰਜ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਮੌਸਮ ਸਾਫ ਰਹੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly