ਨਵੀਂ ਦਿੱਲੀ (ਸਮਾਜ ਵੀਕਲੀ):ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਿਸਾਂ ਲਈ ਮੁਆਵਜ਼ਾ ਤੇ ਨੌਕਰੀ ਮੰਗੀ। ਲੋਕ ਸਭਾ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਗਾਂਧੀ ਨੇ ਮੋਦੀ ਸਰਕਾਰ ਦੀ ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਨਾ ਦੇਣ ਲਈ ਨਿਖੇਧੀ ਕੀਤੀ। ਰਾਹੁਲ ਨੇ ਇਸ ਮੌਕੇ ਸਦਨ ਵਿਚ ਪੰਜਾਬ ਤੇ ਹਰਿਆਣਾ ਦੇ ਉਨ੍ਹਾਂ ਕਿਸਾਨਾਂ ਦੀ ਸੂਚੀ ਪੇਸ਼ ਕੀਤੀ ਜਿਨ੍ਹਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਗਈ ਹੈ। ਕਾਂਗਰਸ ਮੈਂਬਰਾਂ ਨੇ ਇਸ ਮੁੱਦੇ ਉਤੇ ਸਰਕਾਰ ਤੋਂ ਜਵਾਬ ਮੰਗਿਆ ਤੇ ਐਨਸੀਪੀ ਅਤੇ ਡੀਐਮਕੇ ਨਾਲ ਸਦਨ ਵਿਚੋਂ ਵਾਕਆਊਟ ਕੀਤਾ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਆਗੂ ਨੇ ਕਿਹਾ, ‘ਕਰੀਬ 700 ਕਿਸਾਨਾਂ ਨੇ ਸੰਘਰਸ਼ ’ਚ ਜਾਨ ਗੁਆਈ।
ਪ੍ਰਧਾਨ ਮੰਤਰੀ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ ਤੇ ਆਪਣੀ ਗਲਤੀ ਮੰਨੀ। 30 ਨਵੰਬਰ ਨੂੰ ਖੇਤੀਬਾੜੀ ਮੰਤਰੀ ਨੂੰ ਸਵਾਲ ਪੁੱਛਿਆ ਗਿਆ ਕਿ ਸੰਘਰਸ਼ ਵਿਚ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਅੰਕੜੇ ਨਹੀਂ ਹਨ।’ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 400 ਤੋਂ ਵੱਧ ਕਿਸਾਨਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਹੈ। ਇਨ੍ਹਾਂ 400 ਕਿਸਾਨਾਂ ਵਿਚੋਂ 152 ਨੂੰ ਨੌਕਰੀ ਵੀ ਦਿੱਤੀ ਗਈ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਕੋਲ 70 ਹੋਰ ਕਿਸਾਨਾਂ ਦੀ ਸੂਚੀ ਵੀ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਲੋਕ ਸਭਾ ਵਿਚ ਸੂਚੀ ਰੱਖਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੁਆਫ਼ੀ ਮੰਗੀ ਹੈ ਤੇ ਸਰਕਾਰ ਕਹਿ ਰਹੀ ਹੈ ਕਿ ਕੋਈ ਕਿਸਾਨ ਨਹੀਂ ਮਰਿਆ ਜਾਂ ਉਨ੍ਹਾਂ ਕੋਲ ਕੋਈ ਸੂਚੀ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਪਹਿਲਾਂ ਹੀ ਮੁਆਫ਼ੀ ਮੰਗ ਲਈ ਹੈ। ਹੁਣ ਕਿਸਾਨਾਂ ਨੂੰ ਮੁਆਵਜ਼ਾ ਤੇ ਨੌਕਰੀ ਮਿਲਣੀ ਚਾਹੀਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly