ਚੰਡੀਗੜ੍ਹ – ਪਟਿਆਲਾ ‘ਚ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਨੂੰ ਸੌਂਪ ਦਿੱਤੀ ਹੈ, ਜਿਸ ਨੂੰ ਚਾਰ ਮਹੀਨਿਆਂ ਵਿੱਚ ਮੁਕੰਮਲ ਕਰਨਾ ਹੋਵੇਗਾ। ਅਦਾਲਤ ਦੇ ਹੁਕਮਾਂ ਅਨੁਸਾਰ ਤਿੰਨ ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲੀਸ ਦਾ ਕੋਈ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ ਜਾਂਚ ਵਿੱਚ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣਾ ਲਾਜ਼ਮੀ ਹੋਵੇਗਾ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਬਣਾਈ ਸੀ, ਜਿਸ ਨੇ ਬਿਆਨ ਦਰਜ ਕਰਨ ਦੇ ਨਾਲ-ਨਾਲ ਸਬੂਤ ਇਕੱਠੇ ਕੀਤੇ ਸਨ। ਇਸ ਦੇ ਬਾਵਜੂਦ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ਪ੍ਰਕਿਰਿਆ ਅਤੇ ਦਲੀਲਾਂ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਪੁਸ਼ਪਿੰਦਰ ਬਾਠ ਨੇ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਦਾਇਰ ਕੀਤੀ ਸੀ।
ਇਸ ਦੌਰਾਨ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਕ ਸ਼ੱਕੀ ਵਿਅਕਤੀ ਨੂੰ ਫੜਿਆ ਹੈ, ਜਿਸ ‘ਤੇ ਉਨ੍ਹਾਂ ਦਾ ਪਿੱਛਾ ਕਰਨ ਦਾ ਦੋਸ਼ ਹੈ। ਉਸ ਦਾ ਕਹਿਣਾ ਹੈ ਕਿ ਵਿਅਕਤੀ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਿਹਾ ਸੀ ਅਤੇ ਵਟਸਐਪ ਰਾਹੀਂ ਕਿਸੇ ਨੂੰ ਪਲ-ਪਲ ਜਾਣਕਾਰੀ ਅਤੇ ਫੋਟੋਆਂ ਭੇਜ ਰਿਹਾ ਸੀ। ਸ਼ੱਕ ਦੇ ਆਧਾਰ ’ਤੇ ਉਸ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ। ਇਹ ਮਾਮਲਾ ਹੁਣ ਨਵੇਂ ਮੋੜ ‘ਤੇ ਪਹੁੰਚ ਗਿਆ ਹੈ ਅਤੇ ਆਉਣ ਵਾਲੀ ਜਾਂਚ ‘ਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly