ਹਿੰਦੀ ਲੈਕਚਰਾਰਾਂ ਲਈ ਕਰਵਾਇਆ ਇਕ ਰੋਜ਼ਾ ਸੈਮੀਨਾਰ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿੰਦੀਪੁਰ ਵਿਖੇ ਹਿੰਦੀ ਭਾਸ਼ਾ ਦੇ ਲੈਕਚਰਾਰਾਂ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਲਲਿਤਾ ਰਾਣੀ ਦੀ ਨਿਗਰਾਨੀ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਹਿੰਦੀ ਲੈਕਚਰਾਰਾਂ ਨੇ ਹਿੱਸਾ ਲਿਆ। ਜ਼ਿਲ੍ਹਾ ਕੋਆਰਡੀਨੇਟਰ ਵਰਿੰਦਰ ਬੰਗਾ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਹਿੰਦੀ ਭਾਸ਼ਾ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਿੰਦੀ ਨਾ ਸਿਰਫ਼ ਸਾਡੀ ਰਾਸ਼ਟਰੀ ਭਾਸ਼ਾ ਹੈ, ਸਗੋਂ ਇਹ ਸਾਡੀ ਸੰਸਕ੍ਰਿਤੀ ਅਤੇ ਪਛਾਣ ਦੀ ਪ੍ਰਤੀਕ ਵੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਤੱਕ ਹਿੰਦੀ ਭਾਸ਼ਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਨਵੇਂ ਤਰੀਕਿਆਂ ਅਤੇ ਤਕਨੀਕਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਸੈਮੀਨਾਰ ਵਿਚ ਹਿੰਦੀ ਭਾਸ਼ਾ ਸਿਖਾਉਣ ਵਿਚ ਆ ਰਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਆਪਕਾਂ ਨੇ ਭਾਸ਼ਾ ਨੂੰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ। ਵਿਆਕਰਣ, ਸਾਹਿਤ ਅਤੇ ਭਾਸ਼ਾ ਦੇ ਹੁਨਰ ਦੇ ਵਿਕਾਸ ਵਰਗੇ ਵੱਖ-ਵੱਖ ਵਿਸ਼ਿਆਂ ‘ਤੇ ਵੀ ਚਰਚਾ ਕੀਤੀ ਗਈ। ਡਾ. ਲਲਿਤਾ ਰਾਣੀ ਨੇ ਸੈਮੀਨਾਰ ਵਿਚ ਹਿੱਸਾ ਲੈਣ ਵਾਲੇ ਸਾਰੇ ਅਧਿਆਪਕਾਂ ਅਤੇ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਗਮ ਆਯੋਜਿਤ ਕੀਤੇ ਜਾਂਦੇ ਰਹਿਣਗੇ। ਇਹ ਸੈਮੀਨਾਰ ਹਿੰਦੀ ਭਾਸ਼ਾ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਅਧਿਆਪਕਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਿਚ ਬਹੁਤ ਸਫਲ ਰਿਹਾ। ਇਸ ਵਿਚ ਹਿੱਸਾ ਲੈਣ ਵਾਲੇ ਲੈਕਚਰਾਰ ਨਵੀਨ ਪਰਾਸ਼ਰ, ਨੀਰਜ ਧੀਮਾਨ, ਸੁਮਨ, ਜਸਵਿੰਦਰ, ਹਰਜੀਤ ਰਾਣੀ, ਅਮਨਦੀਪ ਨੇ ਸੈਮੀਨਾਰ ਨੂੰ ਲਾਭਦਾਇਕ ਅਤੇ ਜਾਣਕਾਰੀ ਭਰਪੂਰ ਦੱਸਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਿੱਖ ਨੈਸ਼ਨਲ ਕਾਲਜ ਬੰਗਾ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Next articleਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਨੌਜਵਾਨਾਂ ਨੂੰ ਜਲੰਧਰ ਟ੍ਰੇਨਿੰਗ ਲਈ ਕੀਤਾ ਰਵਾਨਾ