ਜਲੰਧਰ (ਸਮਾਜ ਵੀਕਲੀ) ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸ੍ਰੀ ਚਰਨ ਦਾਸ ਸੰਧੂ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਭੂਮੀ ਅੰਬੇਡਕਰ ਭਵਨ ਵਿਖੇ ਬੁੱਧ ਜਯੰਤੀ 12 ਮਈ ਨੂੰ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਮਾਨਯੋਗ ਭੰਤੇ ਚੰਦਰ ਕੀਰਤੀ ਜੀ ਧੱਮ ਦੇਸਨਾ ਦੇਣਗੇ। ਬੁੱਧ ਜਯੰਤੀ ਮੌਕੇ ਹੋਰ ਵੀ ਬੁੱਧੀਜੀਵੀ ਸਾਥੀ ਆਪਣੇ ਵਿਚਾਰ ਪੇਸ਼ ਕਰਨਗੇ। ਬਲਦੇਵ ਭਾਰਦਵਾਜ ਨੇ ਕਿਹਾ ਕਿ ਮੀਟਿੰਗ ਵਿੱਚ 14 ਅਪ੍ਰੈਲ ਨੂੰ ਸੁਸਾਇਟੀ ਵੱਲੋਂ ਮਨਾਏ ਗਏ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਸਮਾਗਮ ਦੀ ਸਮੀਖਿਆ ਕੀਤੀ ਗਈ। ਸੁਸਾਇਟੀ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨੇ ਸਮਾਗਮ ਦੀ ਸਫਲਤਾ ਤੇ ਤਸੱਲੀ ਪ੍ਰਗਟ ਕੀਤੀ ਅਤੇ ਸੁਸਾਇਟੀ ਦੇ ਪ੍ਰਧਾਨ ਚਰਨ ਦਾਸ ਸੰਧੂ ਨੇ ਸਭ ਮਹਿਮਾਨਾ, ਬੁਲਾਰਿਆਂ, ਭਾਗੀਦਾਰਾਂ ਅਤੇ ਸ਼ੁਭ ਚਿੰਤਕਾਂ ਦੁਆਰਾ ਤਨ, ਮਨ, ਧਨ ਨਾਲ ਸਹਿਯੋਗ ਕਰਨ ਲਈ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੀਟਿੰਗ ਦੇ ਅਖੀਰ ਵਿੱਚ ਪਿਛਲੇ ਦਿਨੀ ਜੇ ਐਂਡ ਕੇ ਵਿੱਚ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ 27 ਭਾਰਤੀਆਂ ਦੇ ਮਾਰੇ ਜਾਣ ਦੀ ਸੁਸਾਈਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਦੋ ਮਿੰਟ ਦਾ ਮੋਨ ਧਾਰਨ ਕਰਕੇ ਮਰਨ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਭਾਰਤ ਸਰਕਾਰ ਕੋਲੋਂ ਇਸ ਗੱਲ ਦੀ ਮੰਗ ਕੀਤੀ ਗਈ ਕਿ ਇਸ ਕਤਲੇਆਮ ਵਿੱਚ ਸ਼ਾਮਿਲ ਲੋਕਾਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਪ੍ਰੋਫੈਸਰ ਬਲਬੀਰ, ਸੋਹਨ ਲਾਲ, ਡਾ. ਜੀ. ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਡਾ ਮਹਿੰਦਰ ਸੰਧੂ, ਐਡਵੋਕੇਟ ਪਰਮਿੰਦਰ ਸਿੰਘ ਖੁਤਣ, ਜਸਵਿੰਦਰ ਵਰਿਆਣਾ ਤਿਲਕਰਾਜ ਅਤੇ ਗੌਤਮ ਬੌਧ ਹਾਜਰ ਸਨ।
ਬਲਦੇਵ ਰਾਜ ਭਾਰਦਵਾਜਜਨਰਲ ਸਕੱਤਰਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)



