ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਵਿਧਾਨ ਸਭਾ ਨੇ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਲਈ ਪੇਸ਼ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਭਲਕੇ ਬੁੱਧਵਾਰ (23 ਮਾਰਚ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ। ਸਦਨ ਵਿੱਚ ਮਤਾ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ, “ਇੱਕ ਕਰਜ਼ਦਾਰ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਇਸੇ ਤਰ੍ਹਾਂ, ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਘੜਿਆ।’’ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਆਗੂਆਂ ਦਾ ਜੀਵਨ ਸਾਡੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਕੋਈ ਕਸਰ ਨਹੀਂ ਛੱਡੇਗੀ। ਇਸੇ ਦੌਰਾਨ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਭਲਕੇ 23 ਮਾਰਚ ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ। ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ਹੀਦੀ ਦਿਹਾੜੇ ’ਤੇ ਛੁੱਟੀ ਦਾ ਐਲਾਨ ਕਰਨ ਦੀ ਬਜਾਏ ਸਾਰੇ ਸਕੂਲ-ਕਾਲਜ ਖੁੱਲ੍ਹੇ ਰੱਖਣ ਦੀ ਮੰਗ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਇਹ ਛੁੱਟੀ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਐਲਾਨੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਛੁੱਟੀ ਸਥਾਨਕ ਤੌਰ ’ਤੇ ਸਿਰਫ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੀ ਐਲਾਨੀ ਜਾਂਦੀ ਸੀ ਤਾਂ ਜੋ ਆਸ-ਪਾਸ ਦੇ ਲੋਕ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਸ਼ਹੀਦੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਸ ਦਿਨ ਗਜ਼ਟਿਡ ਛੁੱਟੀ ਐਲਾਨਣ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪੰਜਾਬ ਵਾਸੀ ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਜਾ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਹੀਦ ਪੂਰੀ ਕੌਮ ਨਾਲ ਸਬੰਧਤ ਹਨ ਅਤੇ ਇਸ ਲਈ ਉਨ੍ਹਾਂ ਨੂੰ ਇੱਕ ਜਗ੍ਹਾ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਸੂਬੇ ਭਰ ਦੇ ਸਕੂਲਾਂ, ਕਾਲਜਾਂ ਤੋਂ ਇਲਾਵਾ ਹੋਰ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ, ਗੋਸ਼ਟੀ ਆਦਿ ਮੁਕਾਬਲੇ ਅਤੇ ਹੋਰ ਕਈ ਸਮਾਗਮਾਂ ਦੀ ਲੜੀ ਦਾ ਆਯੋਜਨ ਕਰਕੇ ਇਸ ਦਿਨ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਯੋਜਨਾ ਬਣਾਈ ਹੈ। ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ, ਬਸਪਾ ਦੇ ਨਛੱਤਰ ਪਾਲ, ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ, ਡਾ. ਸੁਖਵਿੰਦਰ ਸਿੰਘ ਸੁੱਖੀ, ਭਾਜਪਾ ਦੇ ਅਸ਼ਵਨੀ ਸ਼ਰਮਾ, ‘ਆਪ’ ਦੇ ਅਮਨ ਅਰੋੜਾ, ਸਰਵਜੀਤ ਕੌਰ ਮਾਣੂਕੇ ਆਦਿ ਨੇ ਵੀ ਮਤੇ ਦੀ ਹਮਾਇਤ ਕਰਦਿਆਂ ਬੁੱਤ ਸਥਾਪਤ ਕਰਨ ਦਾ ਸਵਾਗਤ ਕੀਤਾ। ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਬਾਜਵਾ ਦੀ ਮੰਗ ’ਤੇ ਮਹਾਰਾਜ ਰਣਜੀਤ ਸਿੰਘ ਦਾ ਨਾਂ ਕੀਤਾ ਸ਼ਾਮਲ

ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਮੰਗ ’ਤੇ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਬੁੱਤ ਲਾਉਣ ਨਾਲ ਸਬੰਧਤ ਆਪਣੇ ਮਤੇ ਵਿਚ ਖਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦਾ ਨਾਂ ਸ਼ਾਮਲ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਰਾਜਾ ਜੀ, ਸ਼ਹੀਦੇ ਆਜ਼ਮ ਦਾ ਜਨਮ ਦਿਨ 28 ਸਤੰਬਰ ਨੂੰ ਹੁੰਦੈ’
Next articleਪਿੰਡ ਅਨਾਇਤਪੁਰਾ ਵਿੱਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ; ਦੋ ਹਲਾਕ