ਫ਼ਤਹਿਗੜ੍ਹ ਸਾਹਿਬ (ਸਮਾਜ ਵੀਕਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਸਮਰਪਿਤ 25 ਦਸੰਬਰ ਤੋਂ ਸ਼ੁਰੂ ਹੋ ਰਹੇ ਸ਼ਹੀਦੀ ਜੋੜ ਮੇਲ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਅੱਜ ਇੱਥੇ ਮੀਟਿੰਗ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ 27 ਦਸੰਬਰ ਨੂੰ ਦੇਸ਼ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਸ਼ਹੀਦੀ ਜੋੜ ਮੇਲ ਦੇ ਤਿੰਨੋਂ ਦਿਨ ਛੁੱਟੀ ਕਰਨ ਦੀ ਮੰਗ ਕੀਤੀ।
ਮੀਟਿੰਗ ਵਿੱਚ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ 27 ਦਸੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਭਰੋਸਾ ਦਿੱਤਾ ਗਿਆ। ਸ੍ਰੀ ਧਾਮੀ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਮੌਕੇ ਮਾੜੇ ਅਨਸਰਾਂ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ’ਤੇ 200 ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ ਅਤੇ ਸੰਗਤ ਦੀ ਸਹੂਲਤ ਲਈ 17 ਪਾਰਕਿੰਗ ਸਥਾਨ ਬਣਾਏ ਗਏ ਹਨ। ਸ੍ਰੀ ਧਾਮੀ ਨੇ ਦੱਸਿਆ ਕਿ 24 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਅੰਮ੍ਰਿਤ ਵੇਲੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly