ਹੈਦਰਾਬਾਦ ‘ਚ ਵੈਟਰਨਰੀ ਡਾਕਟਰ ਦੇ ਨਾਲ ਜਬਰ ਜਨਾਹ ਤੇ ਹੱਤਿਆ ਦੇ ਮੁਕਾਬਲੇ ‘ਚ ਮਾਰੇ ਗਏ ਚਹੁੰ ਨੌਜਵਾਨਾਂ ਦੇ ਮਾਪਿਆਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਮੁਕਾਬਲੇ ‘ਚ ਸ਼ਾਮਲ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ, ਜਾਂਚ ਕਰਾਉਣ ਤੇ ਅਪਰਾਧਕ ਕਾਰਵਾਈ ਦੀ ਮੰਗ ਕੀਤੀ ਹੈ।
ਵਕੀਲ ਪੀਵੀ ਕ੍ਰਿਸ਼ਨਾਮਚਾਰੀਆ ਤੇ ਆਰ ਸਥੀਸ਼ ਜ਼ਰੀਏ ਦਾਖ਼ਲ ਪਟੀਸ਼ਨ ‘ਚ ਮਾਰੇ ਗਏ ਚਾਰਾਂ ਮੁਲਜ਼ਮਾਂ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਤੇ ਆਪਣੇ ਪੁੱਤਰਾਂ ਦੀ ਪੁਲਿਸ ਹਿਰਾਸਤ ‘ਚ ਮੌਤ ਲਈ 50-50 ਲੱਖ ਰੁਪਏ ਦੇ ਹਰਜਾਨੇ ਦੀ ਮੰਗ ਵੀ ਕੀਤੀ ਹੈ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਮਾਰੇ ਗਏ ਚਾਰੇ ਕਥਿਤ ਮੁਲਜ਼ਮ ਬੇਕਸੂਰ ਹਨ।
ਪੁਲਿਸ ਨੇ ਲੋਕਾਂ ਨੂੰ ਖ਼ੁਸ਼ ਕਰਨ ਤੇ ਅਸਲੀ ਦੋਸ਼ੀਆਂ ਨੂੰ ਬਚਾਉਣ ਦੇ ਮਕਸਦ ਨਾਲ ਸਬੂਤ ਖਤਮ ਕਰਨ ਲਈ ਚਾਰੋ ਮੁਲਜ਼ਮਾਂ ਨੂੰ ਫ਼ਰਜ਼ੀ ਮੁਕਾਬਲੇ ‘ਚ ਮਾਰ ਦਿੱਤਾ। ਇਸਦਾ ਕਾਰਨ ਇਹ ਹੈ ਕਿ ਪੁਲਿਸ ਅਸਲੀ ਦੋਸ਼ੀਆਂ ਨੂੰ ਫੜ ਨਹੀਂ ਸਕੀ।
ਪਟੀਸ਼ਨ ‘ਚ ਸਾਈਬਰਾਬਾਦ ਪੁਲਿਸ ਕਮਿਸ਼ਨਰ ਸੀਵੀ ਸੱਜਨਾਰ ਸਮੇਤ ਸਾਰੇ ਪੁਲਿਸ ਅਧਿਕਾਰੀਆਂ ਤੇ ਤੇਲੰਗਾਨਾ ਸਰਕਾਰ ਨੂੰ ਸਬੂਤਾਂ ਨਾਲ ਛੇੜਛਾੜ ਨਾ ਕਰਨ, ਮੁਕਾਬਲੇ ਦੇ ਮਾਮਲੇ ‘ਚ ਦਖ਼ਲ ਨਾ ਦੇਣ ਤੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਵੀ ਕੀਤੀ ਗਈ ਹੈ।