ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਜਲਦੀ ਹੀ ਆਪਣੀ ਵੱਖਰੀ ਸਿਆਸੀ ਪਾਰਟੀ ਦਾ ਐਲਾਨ ਕਰ ਦੇਣਗੇ। ਅਮਰਿੰਦਰ ਨੇ ਕਿਹਾ ਕਿ ਜੇਕਰ ਕਿਸਾਨ ਮੰਗਾਂ ਦਾ ਉਨ੍ਹਾਂ ਦੇ ਹਿੱਤ ਵਿੱਚ ਨਿਬੇੜਾ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ। ਕੈਪਟਨ ਨੇ ਅਕਾਲੀ ਦਲ ਤੋਂ ਅੱਡ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਗੱਠਜੋੜ ਕਰਨ ਦਾ ਵੀ ਸੰਕੇਤ ਦਿੱਤਾ ਹੈ। ਪੰਜਾਬ ਕਾਂਗਰਸ ਵਿੱਚ ਜਾਰੀ ਕਾਟੋ-ਕਲੇਸ਼ ਤੇ ਨਵਜੋਤ ਸਿੰਘ ਸਿੱਧੂ ਨਾਲ ਜਾਰੀ ਖਿੱਚੋਤਾਣ ਮਗਰੋਂ ਕੈਪਟਨ ਨੂੰ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪੈ ਗਿਆ ਸੀ।
ਪਾਰਟੀ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਥਾਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪ ਦਿੱਤਾ ਸੀ। ਅਮਰਿੰਦਰ ਸਿੰਘ ਨੇ ਅੱਜ ਕਿਹਾ, ‘‘ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਤੇ ਇਥੋਂ ਦੇ ਲੋਕਾਂ ਤੇ ਖਾਸ ਕਰਕੇ ਸਾਡੇ ਕਿਸਾਨਾਂ, ਜੋ ਪਿਛਲੇ ਇਕ ਸਾਲ ਤੋਂ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਜਲਦੀ ਹੀ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਾਂਗਾ।’’ ਅਮਰਿੰਦਰ ਨੇ ਕਿਹਾ ਕਿ ‘ਉਹ ਆਪਣੇ ਲੋਕਾਂ ਤੇ ਆਪਣੇ ਸੂਬੇ’ ਦੇ ਭਵਿੱਖ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੱਕ ਟਿਕ ਕੇ ਨਹੀਂ ਬੈਠਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly